ਏਵੀਐੱਮ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਮੈਰਿਟ ’ਚ ਮਾਰੀ ਬਾਜ਼ੀ
ਏਵੀਐੱਮ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਮੈਰਿਟ ’ਚ ਮਾਰੀ ਬਾਜ਼ੀ
Publish Date: Sat, 11 Apr 2026 03:49 PM (IST)
Updated Date: Sun, 12 Apr 2026 04:00 AM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਏਵੀਐੱਮ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਿਮਰਨਜੀਤ ਕੌਰ ਨੇ ਪੰਜਾਬ ਪੱਧਰ ’ਤੇ ਦਸਵਾਂ ਅਤੇ ਜ਼ਿਲ੍ਹੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਵੱਡੀ ਉਪਲੱਬਧੀ ਹਾਸਲ ਕੀਤੀ। ਇਸ ਤੋਂ ਇਲਾਵਾ ਗੁਰਲੀਨ ਕੌਰ ਨੇ ਪੰਜਾਬ ਵਿੱਚ ਬਾਰ੍ਹਵਾਂ ਅਤੇ ਜ਼ਿਲ੍ਹੇ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ। ਸੁਖਮਨਪ੍ਰੀਤ ਕੌਰ ਅਤੇ ਸੁਖਪ੍ਰੀਤ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿੱਚ 13ਵਾਂ ਅਤੇ ਜ਼ਿਲ੍ਹੇ ਵਿੱਚ ਸੱਤਵਾਂ ਸਥਾਨ ਹਾਸਲ ਕੀਤਾ। ਇਸ ਕਾਮਯਾਬੀ ਨਾਲ ਸਕੂਲ ਦੇ ਪ੍ਰਿੰਸੀਪਲ, ਮੈਨੇਜਮੈਂਟ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮਿਠਾਈਆਂ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ। ਉਲਲੇਖਣਯੋਗ ਹੈ ਕਿ ਬਾਕੀ ਵਿਦਿਆਰਥੀਆਂ ਨੇ ਵੀ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਸਫਲਤਾ ਦਰਜ ਕਰਵਾਈ, ਜੋ ਸਕੂਲ ਦੀ ਉੱਚ ਸਿੱਖਿਆ ਮਿਆਰ ਦੀ ਨਿਸ਼ਾਨੀ ਹੈ। ਸਕੂਲ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।