ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਓਲਡ ਏਜ ਹੋਮ ਦਾ ਦੌਰਾ ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਓਲਡ ਏਜ ਹੋਮ ਦਾ ਦੌਰਾ
Publish Date: Sat, 17 Oct 2026 04:26 PM (IST)
Updated Date: Sun, 18 Oct 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਤੇ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਓਲਡ ਏਜ ਹੋਮ, ਗੁਰਦਾਸਪੁਰ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਜੀਵਨ ਅਨੁਭਵਾਂ ਨੂੰ ਜਾਣਿਆ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਹਮਦਰਦੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਵਿਦਿਆਰਥੀ ਆਪਣੇ ਨਾਲ ਬਜ਼ੁਰਗਾਂ ਲਈ ਬੇਲਪੁਰੀ, ਬਿਸਕੁਟ ਅਤੇ ਤਾਜ਼ੇ ਫਲ ਲੈ ਕੇ ਗਏ ਅਤੇ ਪਿਆਰ ਤੇ ਸਤਿਕਾਰ ਸਹਿਤ ਉਨ੍ਹਾਂ ਨੂੰ ਭੇਟ ਕੀਤੇ। ਇਹ ਦੌਰਾ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਸਿੱਖਿਆਦਾਇਕ ਅਨੁਭਵ ਸਾਬਤ ਹੋਇਆ। ਇਸ ਮੌਕੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਸਫ਼ਲ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਵਾਲੇ ਅਤੇ ਸੰਵੇਦਨਸ਼ੀਲ ਇਨਸਾਨ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਸੰਸਕ੍ਰਿਤੀ ਦੀ ਪਹਿਚਾਣ ਹੈ ਅਤੇ ਬੱਚਿਆਂ ਵਿੱਚ ਇਹ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਰਾਹੀਂ ਬੱਚੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਵਿੱਚ ਸੇਵਾ, ਸਹਿਯੋਗ ਤੇ ਮਨੁੱਖਤਾ ਦੇ ਗੁਣ ਵਿਕਸਿਤ ਹੁੰਦੇ ਹਨ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਵਿਹਾਰਕ ਅਨੁਭਵਾਂ ਰਾਹੀਂ ਚੰਗੇ ਸੰਸਕਾਰ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਵਿੱਚ ਵੀ ਬਜ਼ੁਰਗਾਂ ਦਾ ਸਤਿਕਾਰ ਕਰਨ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਦੇਖਭਾਲ ਨੂੰ ਆਪਣਾ ਫ਼ਰਜ਼ ਸਮਝਣ।