ਪੱਗਾਂ ਸਬੰਧੀ ਸ਼ਬਦਾਵਲੀ ਨੂੰ ਲੈ ਕੇ ਜਥੇ. ਗੜਗੱਜ ਨੂੰ ਮਿਲੇ ਸੁਖਜਿੰਦਰ ਰੰਧਾਵਾ
‘ਆਪ’ ਵਿਧਾਇਕ ਵੱਲੋਂ ਪੱਗਾਂ ਬਾਰੇ ਗ਼ਲਤ ਸ਼ਬਦਾਬਲੀ ਬੋਲੇ ਜਾਣ ਬਾਰੇ ਸੁਖਜਿੰਦਰ ਸਿੰਘ ਰੰਧਾਵਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ
Publish Date: Fri, 05 Dec 2025 06:08 PM (IST)
Updated Date: Fri, 05 Dec 2025 06:12 PM (IST)

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੇਪਰ ਦਾਖ਼ਲ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਦਸਤਾਰਾਂ ਉਤਾਰਨ ਤੇ ‘ਆਪ’ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਦਸਤਾਰ ਬਾਰੇ ਗ਼ਲਤ ਸ਼ਬਦਾਬਲੀ ਬੋਲਣ ਦੇ ਗੰਭੀਰ ਮਾਮਲੇ ਬਾਰੇ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਦਸਤਾਰਾਂ ਲਾਹੀਆਂ। ਉਸ ਤੋਂ ਬਾਅਦ ਗੁਰਦੀਪ ਸਿੰਘ ਰੰਧਾਵਾ ਨੇ ਮੀਡੀਆ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਦਸਤਾਰਾਂ ਨੂੰ ਕਿਹੜਾ ਕਿੱਲਾਂ ਲੱਗੀਆਂ ਹੁੰਦੀਆਂ ਹਨ, ਇਹ ਤਾਂ ਲੱਥਦੀਆਂ ਹੀ ਹੁੰਦੀਆਂ ਹਨ। ਇਸ ਤਰ੍ਹਾਂ ਕਹਿ ਕੇ ਗੁਰਦੀਪ ਰੰਧਾਵਾ ਨੇ ਸਿੱਖੀ ਦੇ ਸਨਮਾਨ ਚਿੰਨ੍ਹ ਦਸਤਾਰ ਦੀ ਬੇਹੁਰਮਤੀ ਕੀਤੀ ਹੈ, ਜੋ ਸਿੱਖੀ ਸਿੱਧਾਂਤਾਂ ’ਤੇ ਘਿਨਾਉਣਾ ਹਮਲਾ ਹੈ। ਇਸ ਘਟਨਾ ਨਾਲ ਕਰੋੜਾਂ ਸ਼ਰਧਾਵਾਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਤੇ ਉਹਨਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਿਖਤੀ ਰੂਪ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਰਖ਼ਾਸਤ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਗੁਰਦੀਪ ਸਿੰਘ ਰੰਧਾਵਾ ਵਿਰੁੱਧ ਸਿੱਖ ਪਰੰਪਰਾ ਤੇ ਮਰਿਆਦਾ ਅਨੁਸਾਰ ਤੁਰੰਤ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਪ ਦੀ ਗੁੰਡਾਗਰਦੀ, ਧੱਕੇਸ਼ਾਹੀ ਅਤੇ ਸਿੱਖੀ ਨੂੰ ਠੇਸ ਪਹੁੰਚਾਉਣ ਵਾਲੇ ਇਸ ਕੁਸ਼ਾਸਨ ਬਾਰੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਹੈ।