ਆਪ’ ਅਤੇ ਭਾਜਪਾ ਦੀਆਂ ਨੀਤੀਆਂ ’ਤੇ ਸਾਧਿਆ ਨਿਸ਼ਾਨਾ, ਰੁਜ਼ਗਾਰ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਆਪ’ ਅਤੇ ਭਾਜਪਾ ਦੀਆਂ ਨੀਤੀਆਂ ’ਤੇ ਸਾਧਿਆ ਨਿਸ਼ਾਨਾ, ਰੁਜ਼ਗਾਰ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
Publish Date: Thu, 03 Sep 2026 04:28 PM (IST)
Updated Date: Thu, 03 Sep 2026 04:31 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਮਿਸ਼ਨ-2027 ਨੂੰ ਲੈ ਕੇ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੋਆ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਕਾਂਗਰਸ ਦਫ਼ਤਰ ਵਿੱਚ ਕਰਵਾਏ ਗਏ ‘ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸਮੱਸਿਆਵਾਂ ਅਤੇ ਸੁਝਾਅ ਸੁਣੇ। ਪ੍ਰੋਗਰਾਮ ਦੌਰਾਨ ਇਲਾਕੇ ਦੇ ਨੌਜਵਾਨਾਂ ਨਾਲ ਵੱਖ-ਵੱਖ ਸਮਾਜਿਕ ਅਤੇ ਸਿਆਸੀ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਜੋਗਿੰਦਰ ਪਾਲ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਿਰਫ਼ ਮੀਟਿੰਗ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਤੱਕ ਪਹੁੰਚਾ ਕੇ ਪਾਰਟੀ ਦੀ ਆਉਣ ਵਾਲੀ ਰਣਨੀਤੀ ਵਿੱਚ ਸ਼ਾਮਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਰੁਜ਼ਗਾਰ, ਸਿੱਖਿਆ, ਨਸ਼ਿਆਂ ਦੀ ਸਮੱਸਿਆ, ਖੇਡ ਸਹੂਲਤਾਂ, ਸਰਕਾਰੀ ਭਰਤੀਆਂ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਮੁੱਦੇ ਪ੍ਰਮੁੱਖਤਾ ਨਾਲ ਉਠਾਏ। ਸਾਬਕਾ ਵਿਧਾਇਕ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਜੇਕਰ ਨੌਜਵਾਨ ਵਰਗ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇ ਮੌਕੇ ਨਹੀਂ ਮਿਲਣਗੇ ਤਾਂ ਵਿਕਾਸ ਦੀ ਗੱਲ ਅਧੂਰੀ ਰਹੇਗੀ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ‘ਬੀ ਟੀਮ’ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਰਾਜਨੀਤੀ ਵਿੱਚ ਆਮ ਲੋਕਾਂ ਨੂੰ ਵੱਡੇ-ਵੱਡੇ ਵਾਅਦਿਆਂ ਰਾਹੀਂ ਉਮੀਦਾਂ ਦਿਖਾਉਣ ਦਾ ਦੋਸ਼ ਲਗਾਇਆ। ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝਣਾ ਸ਼ੁਰੂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਰੁਜ਼ਗਾਰ ਦੀ ਭਾਲ ਵਿੱਚ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਮਹਿਸੂਸ ਕਰ ਰਿਹਾ ਹੈ। ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਸਿੱਖਿਆ ਤੋਂ ਬਾਅਦ ਰੁਜ਼ਗਾਰ ਦੇ ਲੋੜੀਂਦੇ ਮੌਕੇ ਮਿਲਣ, ਇਸ ਲਈ ਸਰਕਾਰ ਨੂੰ ਲੰਬੇ ਸਮੇਂ ਦੀ ਨੀਤੀ ਬਣਾਉਣੀ ਚਾਹੀਦੀ ਹੈ। ਸਾਬਕਾ ਵਿਧਾਇਕ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਵੀ ਰੁਜ਼ਗਾਰ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਪਹਿਲਾਂ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਮਹਿੰਗਾਈ ਅਤੇ ਆਰਥਿਕ ਦਬਾਅ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੈਟਰੋਲ-ਡੀਜ਼ਲ ਸਮੇਤ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿੱਧਾ ਅਸਰ ਆਮ ਪਰਿਵਾਰਾਂ ’ਤੇ ਪੈਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਵਿੱਚ ਆਪਣੀ ਭਾਗੀਦਾਰੀ ਵਧਾਉਣ ਅਤੇ ਆਪਣੇ ਅਧਿਕਾਰਾਂ ਤੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਸਾਬਕਾ ਸਰਪੰਚ ਜਨਰਲ ਸਿੰਘ, ਮਾਨਵ ਕੁਮਾਰ, ਪ੍ਰਿੰਸ ਕੁਮਾਰ, ਸ਼ਿਵ ਸ਼ਰਮਾ, ਸਾਜਨ ਕੁਮਾਰ, ਸੋਮ ਕੁਮਾਰ, ਚੇਤਨ ਕੁਮਾਰ, ਚੰਦਨ ਕੁਮਾਰ, ਵਿਵੇਕ ਕੁਮਾਰ, ਰਾਘਵ ਕੁਮਾਰ, ਲੋਕੇਸ਼ ਕੁਮਾਰ, ਸਮਾਈਲ ਕੁਮਾਰ ਅਤੇ ਹੋਰ ਹਾਜ਼ਰ ਸਨ।