ਪੱਤਰਕਾਰਾਂ ’ਤੇ ਮਾਮਲਾ ਦਰਜ ਕਰਨ ਦੀ ਨਿਖੇਧੀ
ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਪੱਤਰਕਾਰਾਂ ’ਤੇ ਪੁਲਿਸ ਮਾਮਲਾ ਦਰਜ ਕਰਨ ਦੀ ਕੀਤੀ ਨਿਖੇਧੀ
Publish Date: Sat, 03 Jan 2026 04:24 PM (IST)
Updated Date: Sun, 04 Jan 2026 04:03 AM (IST)
ਬੀਟੀਐਲ13 ਗੱਲਬਾਤ ਕਰਦੇ ਹੋਏ ਪ੍ਰਧਾਨ ਜਗਤਾਰ ਸਿੰਘ ਖੁੰਡਾ ਤੇ ਹੋਰ। ਪੰਜਾਬੀ ਜਾਗਰਣ
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆਂ ਦੀ ਜਨਰਲ ਮੀਟਿੰਗ ਸਬ ਡਵੀਜ਼ਨ ਕਾਦੀਆਂ ਦੇ ਪ੍ਰਧਾਨ ਸੁਰਜੀਤ ਸਿੰਘ ਗੁਰਾਇਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸੰਬੋਧਨ ਕਰਦਿਆਂ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਜਗਤਾਰ ਸਿੰਘ ਖੁੰਡਾ ਵਲੋਂ ਪੱਤਰਕਾਰਾਂ ’ਤੇ ਪੁਲਿਸ ਮਾਮਲਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਸਮੇਤ 10 ਪੱਤਰਕਾਰਾਂ ’ਤੇ ਆਰਟੀਆਈ ਕਾਰਕੁਨਾਂ ਤੇ ਲੁਧਿਆਣਾ ਪੁਲਿਸ ਵੱਲੋਂ ਦਰਜ ਕੀਤੇ ਪਰਚੇ ਦੀ ਨਿਖੇਧੀ ਕੀਤੀ।
ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੁੱਕੇ ਗਏ ਕਦਮ ਹੱਕ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੀ ਪ੍ਰੈੱਸ ਦੀ ਅਵਾਜ਼ ’ਤੇ ਹਮਲਾ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਲੋਕਾਂ ਤੇ ਕੀਤੇ ਜਾ ਰਹੇ ਆਰਥਿਕ ਹੱਲਿਆਂ ਦਾ ਟਾਕਰਾ ਕਰ ਰਹੇ ਲੋਕਾਂ ਦੇ ਰੋਹ ਦੀ ਪ੍ਰੈੱਸ ਰਾਹੀਂ ਅਵਾਜ਼ ਬੁਲੰਦ ਕੀਤੀ ਜਾਂਦੀ ਹੈ, ਜਿਸਨੂੰ ਭਗਵੰਤ ਮਾਨ ਸਰਕਾਰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਸ਼ਮੀਰ ਸਿੰਘ ਮੰਡਲ ਕਾਦੀਆਂ ਦੇ ਸਕੱਤਰ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਮਗਨਰੇਗਾ ਸਕੀਮ ਦਾ ਵਿਰੋਧ ਕਰਕੇ ਗਰੀਬ ਪੱਖੀ ਹੋਣ ਦਾ ਢੋਂਗ ਰਚ ਰਹੀ ਹੈ, ਦੂਜੇ ਪਾਸੇ ਮਜ਼ਦੂਰਾਂ ਲਈ ਸੰਘਰਸ਼ ਕਰ ਰਹੇ ਆਗੂ ਨੂੰ 11 ਸਾਲ ਪੁਰਾਣੇ ਕੇਸ ਵਿੱਚ ਉਲਝਾਇਆ ਜਾ ਰਿਹਾ ਹੈ। ਸਰਕਾਰ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ ਤੇ ਬਾਕੀ ਆਗੂਆਂ ਨੂੰ ਵੀ ਜੇਲ੍ਹਾਂ ਵਿੱਚ ਬੰਦ ਕਰਨ ਦੀਆਂ ਸਕੀਮਾਂ ਘੜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਦੇ ਖ਼ਿਲਾਫ਼ ਪੁਲਿਸ ਪਰਚਾ ਰੱਦ ਕੀਤਾ ਜਾਵੇ ਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਹਰਦੀਪ ਸਿੰਘ ਸੇਖੋਂ, ਪ੍ਰੇਮ ਕੁਮਾਰ, ਸਤਨਾਮ ਸਿੰਘ, ਸੂਸੀਲ ਕੁਮਾਰ, ਸ਼ਾਮਲ ਹੋਏ।