ਗੁਰਦਾਸਪੁਰ ’ਚ ਠੰਡੀਆਂ ਹਵਾਵਾਂ ਨਾਲ ਤਾਪਮਾਨ ਦੋ ਡਿਗਰੀ ਡਿੱਗਿਆ, ਬੱਦਲ ਛਾਉਣ ਨਾਲ ਕਿਸਾਨਾਂ ਦੀ ਚਿੰਤਾ ਵਧੀ ਗੁਰਦਾਸਪੁਰ ਵਿੱਚ ਠੰਡੀਆਂ ਹਵਾਵਾਂ ਨਾਲ ਤਾਪਮਾਨ ਦੋ ਡਿਗਰੀ ਡਿੱਗਿਆ, ਬੱਦਲ ਛਾਉਣ ਨਾਲ ਕਿਸਾਨਾਂ ਦੀ ਚਿੰਤਾ ਵਧੀ
Publish Date: Sat, 24 Oct 2026 04:49 PM (IST)
Updated Date: Sun, 25 Oct 2026 04:01 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸ਼ਨਿਚਰਵਾਰ ਦੁਪਹਿਰ ਨੂੰ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਦੀ ਤੁਲਨਾ ’ਚ ਸ਼ਨਿਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਦੋ ਡਿਗਰੀ ਹੇਠਾਂ ਆ ਗਿਆ ਹੈ, ਜਿਸ ਨਾਲ ਮੌਸਮ ਵਿੱਚ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ ਹੈ। ਸ਼ੁੱਕਰਵਾਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਸੀ, ਜੋ ਸਨਿੱਚਰਵਾਰ ਨੂੰ ਡਿੱਗ ਕੇ 27 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਉੱਧਰ ਅਸਮਾਨ ’ਤੇ ਬੱਦਲ ਛਾ ਜਾਣ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਜ਼ਿਲ੍ਹੇ ਵਿੱਚ ਕਟਾਈ ਦਾ ਕੰਮ ਪੂਰਾ ਹੋਣ ਤੋਂ ਬਾਅਦ ਕਿਸਾਨ ਆਪਣੀ ਫ਼ਸਲ ਨੂੰ ਮੰਡੀਆਂ ਵਿੱਚ ਲੈ ਕੇ ਜਾ ਰਹੇ ਹਨ। ਗੁਰਦਾਸਪੁਰ ਦੀ ਅਨਾਜ ਮੰਡੀ ’ਚ ਲਿਫਟਿੰਗ ਦਾ ਕੰਮ ਹੌਲੀ ਗਤੀ ਨਾਲ ਹੋਣ ਕਾਰਨ ਕਈ ਕਿਸਾਨਾਂ ਦੀ ਫ਼ਸਲ ਅਜੇ ਵੀ ਖੁੱਲ੍ਹੇ ਅਸਮਾਨ ਹੇਠ ਪਈ ਹੋਈ ਹੈ ਜੇਕਰ ਬਾਰਿਸ਼ ਹੁੰਦੀ ਹੈ ਤਾਂ ਖੁੱਲ੍ਹੇ ਅਸਮਾਨ ਹੇਠ ਪਈਆਂ ਝੋਨੇ ਦੀਆਂ ਬੋਰੀਆਂ ਭਿੱਜ ਜਾਣਗੀਆਂ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈ ਸਕਦਾ ਹੈ। ਕਿਸਾਨਾਂ ਨੇ ਦੱਸਿਆ ਕਿ ਜੇਕਰ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਬਾਰਿਸ਼ ਹੋ ਗਈ ਤਾਂ ਨਾ ਸਿਰਫ਼ ਝੋਨੇ ਭਿੱਜੇਗਾ, ਬਲਕਿ ਉਸ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਵੇਗੀ, ਜਿਸ ਨਾਲ ਮੰਡੀ ਵਿੱਚ ਉਚਿਤ ਭਾਅ ਨਹੀਂ ਮਿਲ ਸਕੇਗਾ। ਕਿਸਾਨਾਂ ਨੇ ਪ੍ਰਸ਼ਾਸਨ ਨਾਲ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਈ ਜਾਵੇ, ਤਾਂ ਜੋ ਉਨ੍ਹਾਂ ਦੀ ਫ਼ਸਲ ਸੁਰੱਖਿਅਤ ਰਹਿ ਸਕੇ। ਮੌਸਮ ਵਿੱਚ ਆਏ ਇਸ ਬਦਲਾਅ ਨੇ ਇੱਕ ਪਾਸੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ।