- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਆ ਲਾਲ ਮਿੱਤਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਪਵਿੱਤਰ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਗੁਰਬਾਣੀ ਦੇ ਪਾਠ ਅਤੇ ਕੀਰਤਨ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੀ ਸ਼ੁਰੂਆਤ ਸ਼੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਸ਼੍ਰੀ ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ, ਵਾਹਿਗੁਰੂ ਜੀ ਦਾ ਸਿਮਰਨ ਅਤੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਗੁਰਬਾਣੀ ਦੀਆਂ ਪਵਿੱਤਰ ਧੁਨਾਂ ਨਾਲ ਸਮੁੱਚਾ ਵਾਤਾਵਰਨ ਅਧਿਆਤਮਿਕ ਰੰਗ ਵਿੱਚ ਰੰਗਿਆਂ ਗਿਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਰਧਾ ਨਾਲ ਸਮਾਗਮ ’ਚ ਹਿੱਸਾ ਲਿਆ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਵਿਸ਼ੇਸ਼ ਮੌਕੇ 'ਤੇ ਆਸ਼ਾ ਮਿੱਤਲ ਅਤੇ ਪੂਨਮ ਮਿੱਤਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਸ਼ੋਭਾ ਨੂੰ ਹੋਰ ਵਧਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਨ ਮਿੱਤਲ ਨੇ ਆਪਣੇ ਸੰਦੇਸ਼ ਰਾਹੀਂ ਸਮੂਹ ਸ਼ਹਿਰ ਵਾਸੀਆਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਸਾਨੂੰ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਤੋਂ ਸਿੱਖਿਆ ਲੈਂਦਿਆਂ ਇਹ ਸਮਝਣਾ ਚਾਹੀਦਾ ਹੈ ਕਿ ਪਰਮਾਤਮਾ ਇੱਕ ਹੈ ਅਤੇ ਉਹ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ ਅਤੇ ਨਿਆਸਰਿਆਂ ਦੇ ਆਸਰੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਹੀ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਅਸਲ ਉਦੇਸ਼ ਹੈ।