- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਸਰਕਾਰ ਖ਼ਾਸ ਆਦਮੀ ਦੀ ਪਾਰਟੀ ਬਣ ਕੇ ਰਹਿ ਗਈ ਹੈ- ਸਾਬਕਾ ਵਿਧਾਇਕ ਜੋਗਿੰਦਰ ਪਾਲ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਤਿੱਖੇ ਸਵਾਲ ਉਠਾਉਂਦਿਆਂ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਨੇ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਸੀ ਅੱਜ ਉਹੀ ਜਨਤਾ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਨਿਰਾਸ਼ ਨਜ਼ਰ ਆ ਰਹੀ ਹੈ। ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੀਆਂ ਉਪਲੱਬਧੀਆਂ ਅਤੇ ਇਮਾਨਦਾਰੀ ਦਾ ਪ੍ਰਚਾਰ ਕਰਨ ਲਈ ਫਲੈਕਸਾਂ ਅਤੇ ਵੱਡੇ-ਵੱਡੇ ਇਸ਼ਤਿਹਾਰਾਂ ਦਾ ਸਹਾਰਾ ਲੈਣ ਲਈ ਮਜ਼ਬੂਰ ਦਿਖਾਈ ਦੇ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨੂੰ ਬਦਲਾਅ ਦੇ ਸੁਪਨੇ ਦਿਖਾਏ ਸਨ ਪਰ ਅੱਜ ਜਨਤਾ ਸਰਕਾਰ ਤੋਂ ਇਨ੍ਹਾਂ ਵਾਅਦਿਆਂ ਦਾ ਹਿਸਾਬ ਮੰਗ ਰਹੀ ਹੈ। ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਨੂੰ ਸੱਤਾ ਸੌਂਪੀ ਗਈ ਸੀ ਉਨ੍ਹਾਂ ਨੂੰ ਪੂਰਾ ਕਰਨ ਲਈ ਆਖ਼ਿਰ ਕਿੰਨਾ ਕੰਮ ਕੀਤਾ ਗਿਆ ਹੈ। ਜੋਗਿੰਦਰ ਪਾਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਹੁਣ ਆਮ ਲੋਕਾਂ ਦੀ ਪਾਰਟੀ ਨਹੀਂ, ਸਗੋਂ ਖ਼ਾਸ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਦੇ ਆਗੂ ਆਮ ਜਨਤਾ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਤੇ ਉਨ੍ਹਾਂ ਦੇ ਹੱਲ ਦੀਆਂ ਗੱਲਾਂ ਕਰਦੇ ਸਨ, ਪਰ ਸੱਤਾ ਮਿਲਣ ਤੋਂ ਬਾਅਦ ਸਰਕਾਰ ਦੀਆਂ ਤਰਜੀਹਾਂ ਵਿੱਚ ਬਦਲਾਅ ਦਿਖਾਈ ਦੇਣ ਲੱਗਾ ਹੈ। ਆਮ ਲੋਕਾਂ ਨੂੰ ਆਪਣੀਆਂ ਛੋਟੀਆਂ-ਛੋਟੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਜਨਤਾ ਹੁਣ ਸਿਰਫ਼ ਭਾਸ਼ਣਾਂ ਤੇ ਵਾਅਦਿਆਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ ਹੈ, ਸਗੋਂ ਉਹ ਸਰਕਾਰ ਤੋਂ ਆਪਣੇ ਕੰਮਾਂ ਦਾ ਜਵਾਬ ਚਾਹੁੰਦੀ ਹੈ। ਜੋਗਿੰਦਰ ਪਾਲ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਪਛਾਣ ਉਸ ਦੇ ਪ੍ਰਚਾਰ-ਪ੍ਰਸਾਰ ਨਾਲ ਨਹੀਂ, ਸਗੋਂ ਉਸ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ, ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਦੌਰਾਨ ਸੂਬੇ ਵਿੱਚ ਸੜਕਾਂ, ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕਈ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਗਈ ਸੀ। ਜੋਗਿੰਦਰ ਪਾਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ।