- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਫਰਾਂਸਿਸ ਸਕੂਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਫਰਾਂਸਿਸ ਸਕੂਲ ਕਲਾਨੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ 'ਤੇ ਰਾਜਸਥਾਨ ਤੋਂ ਪਹੁੰਚੇ ਮੁੱਖ ਮਹਿਮਾਨ ਰੈਵਰੈਂਡ ਸਿਸਟਰ ਐਨੀਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਕੂਲ ਦੇ ਮੈਨੇਜਰ ਰੈਵਰੈਂਡ ਫਾਦਰ ਬਿਨੂ ਏਐੱਮ ਅਤੇ ਪ੍ਰਿੰਸੀਪਲ ਸਿਸਟਰ ਕਿਰਨ ਰਾਵਤ ਦੀ ਅਗਵਾਈ ਹੇਠ ਸਮੂਹ ਸਿਸਟਰ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਭਾਗ ਲਿਆ।
ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ ਅਤੇ ਅਰਦਾਸ ਕੀਤੀ ਗਈ। ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਧਾਰਮਿਕ ਸਮਾਗਮ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਅਨੁਸਾਰ ਜਪੁਜੀ ਸਾਹਿਬ ਦੀਆਂ ਪਉੜੀਆਂ ਦਾ ਸੁੰਦਰ ਪਾਠ ਕੀਤਾ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਮਿੱਠੀ ਆਵਾਜ਼ ਵਿੱਚ ਸ਼ਬਦ ਗਾਇਨ ਕਰਕੇ ਵਾਤਾਵਰਣ ਨੂੰ ਰੂਹਾਨੀ ਅਤੇ ਸ਼ਾਂਤਮਈ ਬਣਾ ਦਿੱਤਾ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਗੁਰੂ ਜੀ ਦੇ ਮਹਾਨ ਉਪਦੇਸ਼ "ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ" ਨੂੰ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ ਗਿਆ। ਮੁੱਖ ਮਹਿਮਾਨ ਰੈਵਰੈਂਡ ਸਿਸਟਰ ਐਨੀਸ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਤੇ ਪ੍ਰੇਰਨਾਦਾਇਕ ਦੱਸਿਆ। ਸਮਾਗਮ ਦਾ ਸਮਾਪਨ ਰੂਹਾਨੀ ਅਤੇ ਪ੍ਰੇਰਨਾਦਾਇਕ ਮਾਹੌਲ ਵਿੱਚ ਹੋਇਆ। ਇਸ ਮੌਕੇ ਵਿਦਿਆਰਥੀਆਂ ਨੂੰ ਪਿਆਰ, ਬਰਾਬਰਤਾ, ਦਇਆ, ਸੱਚਾਈ ਅਤੇ ਨਿਸ਼ਕਾਮ ਸੇਵਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਹ ਸਮਾਗਮ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਯਾਦਗਾਰ ਰਿਹਾ, ਜਿਸ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ।