- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੂੰ ਦੇ ਦੇਣਾ ਚਾਹੀਦਾ ਹੈ ਆਪਣਾ ਅਸਤੀਫਾ- ਬਾਜਵਾ/ਰੰਧਾਵਾ

--ਕਿਹਾ- ਕੱਟੜ ਬਈਮਾਨ ਸਰਕਾਰ, ਸਰਕਾਰੀ ਪੈਸੇ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਦਫਤਰ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦੇ ਫੈਸਲੇ ਪਿੱਛੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਆਪ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਅੱਜ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਕਈ ਵਾਰ ਇਸ ਮਾਮਲੇ ਵਿੱਚ ਐੱਫਆਈਆਰ ਮੰਗ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਅੱਜ ਹਾਈਕੋਰਟ ਨੇ ਸਖਤ ਐਕਸ਼ਨ ਲੈਂਦਿਆ ਭ੍ਰਿਸ਼ਟਾਚਾਰ ਨਾਲ ਜੁੜੇ ਦੋਸ਼ਾਂ ਦੀ ਜਾਂਚ ਦਾ ਕੰਮ ਸੀਬੀਆਈ ਨੂੰ ਸੌਂਪਦੇ ਹੋਏ 2 ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ 2 ਮਹੀਨਿਆਂ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕੱਟੜ ਇਮਾਨਦਾਰ ਹੋਣ ਦਾ ਦਾਅਵਾ ਕਰਦੀ ਹੈ ਪਰ ਜੇਕਰ ਕੱਟੜ ਬਈਮਾਨ ਸਰਕਾਰ ਕੋਈ ਹੈ ਤਾਂ ਉਹ ਆਪ ਸਰਕਾਰ ਹੈ। ਇਹ ਸਰਕਾਰ ਅਸਲ ਵਿੱਚ ਮਸ਼ਹੂਰੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਸ ਮੁੱਦੇ ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਪਰ ਉਹ ਦੇਣਗੇ ਨਹੀਂ। ਇੱਤ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕੋਈ ਵੀ ਨਾਗਰਿਕ ਜਾਂ ਕਾਰੋਬਾਰੀ ਸੁਰੱਖਿਅਤ ਨਹੀਂ ਮੁੱਖ ਮੰਤਰੀ 123 ਗੱਡੀਆਂ ਦੇ ਕਾਫਲੇ ਨਾਲ ਤੁਰਦੇ ਹਨ। ਉਨ੍ਹਾਂ ਦੇ ਪਰਿਵਾਰ ਦੇ 4 ਜੀਆਂ ਦੀ ਸੁਰੱਖਿਆ ਲਈ 1100 ਪੁਲਿਸ ਮੁਲਾਜ਼ਮ ਤੈਨਾਤ ਹਨ ਜਦੋਂਕਿ 20-25 ਲੱਖ ਦੀ ਆਬਾਦੀ ਵਾਲੇ ਪੂਰੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨਫਰੀ 1200 ਹੈ। ਉਨ੍ਹਾਂ ਹੋਰ ਕਿਹਾ ਕਿ ਇੱਥੇ ਗੈਂਗਸਟਰਵਾਦ ਅਤੇ ਫਿਰੌਤੀਆਂ ਦਾ ਬੋਲਬਾਲਾ ਹੈ। ਭਾਜਪਾ ਅਤੇ ਆਪ ਇਕੋਂ ਸਿੱਕੇ ਦੇ ਦੋ ਪਹਿਲੂ ਹਨ ਜੋ ਗੈਂਗਸਟਰਾਂ ਨੂੰ ਬੜਾਵਾ ਦਿੰਦੇ ਹਨ।
ਇਸ ਮੌਕੇ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮੌਕੇ ਸਰਕਾਰ ਵੱਲੋਂ ਪੰਜਾਬ ਦੇ ਪੈਸੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸ਼ੈਲਰਂ ਵਿੱਚ ਲੋਕ ਤਰਲੇ ਮਾਰ ਰਹੇ ਹਨ। ਕਿਸਾਨਾਂ ਦੀ ਲੁੱਟ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਵਾਲਾ ਕੋਈ ਨਹੀਂ। ਰੰਧਾਵਾ ਨੇ ਕਿਹਾ ਕਿ ਅੱਜ ਖੁਦ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਦਫਤਰ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਇਸ ਕੱਟੜ ਇਮਾਨਦਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਦੋਂ ਤੱਕ ਸੀਬੀਆਈ ਦੀ ਜਾਂਚ ਰਿਪੋਰਟ ਨਹੀਂ ਆ ਜਾਂਦੀ।