ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਬਣੇਗਾ ਸ਼ਹਿਰ ਦਾ ਸ਼ਾਨਦਾਰ ਹਰਬਲ ਪਾਰਕ
ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਬਣੇਗਾ ਸ਼ਹਿਰ ਦਾ ਸ਼ਾਨਦਾਰ ਹਰਬਲ ਪਾਰਕ
Publish Date: Thu, 15 Oct 2026 04:18 PM (IST)
Updated Date: Thu, 15 Oct 2026 04:21 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਗੁਰਦਾਸਪੁਰ ਸ਼ਹਿਰ ਵਿੱਚ ਸ਼ਾਨਦਾਰ ਹਰਬਲ ਪਾਰਕ ਬਣਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਛੋਟੀ ਕੰਜਕ ਅਤੇ ਸੰਤਾਂ ਕੋਲੋਂ ਰਖਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਔਸ਼ਧੀ ਅਤੇ ਹਰਬਲ ਪੌਦੇ ਲਗਾਏ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਦੀ ਸਹੂਲਤ ਮਿਲੇਗੀ। ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸ਼੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਵੱਲੋਂ ਮੰਗ ਰੱਖੀ ਗਈ ਸੀ ਕਿ ਗੁਰਦਾਸਪੁਰ ਵਿੱਚ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਚੌਕ ਜਾਂ ਪਾਰਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਸੰਸਥਾ ਦੇ ਮੈਂਬਰਾਂ ਨਾਲ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੀ ਮੰਗ ਪੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਗਿਆ ਹਾ। ਪਾਰਕ ਵਿੱਚ ਸ਼੍ਰੀ ਗੁਰੂ ਨਾਭਾ ਦਾਸ ਜੀ ਦੀ ਮੂਰਤੀ ਵੀ ਸਥਾਪਿਤ ਕੀਤੀ ਜਾਵੇਗੀ ਅਤੇ ਵਿਕਾਸ ਕਾਰਜ ਪੂਰੇ ਹੋਣ ਉਪਰੰਤ ਪਾਰਕ ਸੰਸਥਾ ਦੇ ਹਵਾਲੇ ਕੀਤਾ ਜਾਵੇਗਾ।