- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਆਏ ਦਿਨ ਹੋ ਰਹੇ ਨਾਮਵਰ ਨੌਜਵਾਨਾਂ ਦੇ ਕਤਲ ਚਿੰਤਾ ਦਾ ਵਿਸ਼ਾ: ਰਵੀਨੰਦਨ ਬਾਜਵਾ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ
ਕਿਲਾ ਲਾਲ ਸਿੰਘ : ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਆਏ ਦਿਨ ਹੋ ਰਹੇ ਨਾਮਵਰ ਨੌਜਵਾਨਾਂ ਦੇ ਕਤਲਾਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਪਿੰਡ ਬਾਲੇਵਾਲ ਵਿਖੇ ਕਾਂਗਰਸ ਵਰਕਰਾਂ ਦੀ ਇਕ ਮੀਟਿੰਗ ਦੌਰਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਰਵੀਨੰਦਨ ਸਿੰਘ ਬਾਜਵਾ ਨੇ ਆਖਿਆ ਕਿ ਪੰਜਾਬ ਜਿੱਥੇ ਕਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਹੁੰਦਾ ਸੀ, ਅੱਜ ਉੱਥੇ ਦਿਨ-ਦਿਹੜੇ ਗੋਲੀਆਂ ਚੱਲਣਾ ਅਤੇ ਨੌਜਵਾਨਾਂ ਦੇ ਕਤਲ ਹੋਣਾ ਇੱਕ ਆਮ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੋਣਹਾਰ ਅਤੇ ਨਾਮਵਰ ਨੌਜਵਾਨਾਂ ਦਾ ਇਸ ਤਰ੍ਹਾਂ ਖ਼ਤਮ ਹੋਣਾ ਪੂਰੇ ਪੰਜਾਬ ਲਈ ਇੱਕ ਵੱਡਾ ਝਟਕਾ ਅਤੇ ਬੇਹੱਦ ਚਿੰਤਾ ਦਾ ਵਿਸ਼ਾ ਹੈ। ਬਾਜਵਾ ਨੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਅੱਜ ਸੂਬੇ ਦੇ ਲੋਕਾਂ ਅਤੇ ਖ਼ਾਸਕਰ ਵਪਾਰੀਆਂ ਤੇ ਨੌਜਵਾਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਅਪਰਾਧਾਂ ਨੂੰ ਅੰਜਮ ਦੇਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।