- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੈਂਡਲ ਮਾਰਚ ਕੱਢ ਕੇ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਸ਼ਰਧਾਂਜਲੀ

--ਹਨੂਮਾਨ ਚੌਕ ਵਿੱਚ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ
ਪਲਵਿੰਦਰ ਸਿੰਘ, ਪੰਜਾਬੀ ਜਾਗਰਣ
ਗੁਰਦਾਸਪੁਰ: ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਲੜ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨੂੰ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸ਼ਹਿਰ ਦੇ ਹਨੂਮਾਨ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਪੰਜਾਬ ਵਿੱਚ ਧੜੱਲੇ ਨਾਲ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਜਦਕਿ ਨਸ਼ੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ੇ ਦੇ ਖ਼ਿਲਾਫ਼ ਜੋ ਲੜਾਈ ਲੜੀ ਉਹ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਸਰਕਾਰ 'ਤੇ ਦੋਸ਼ ਲਗਾਇਆ ਕਿ ਨਸ਼ਾ ਮਾਫ਼ੀਆ ਨੂੰ ਬਚਾਉਣ ਲਈ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ। ਬਾਹਰੀ ਰਾਜਾਂ ਦੇ ਕਾਰਪੋਰੇਟ ਲੋਕ ਹੁਣ ਪੰਜਾਬ ਵਿੱਚ ਕਾਰੋਬਾਰ ਖੋਲ੍ਹਣ ਲਈ ਕਈ ਵਾਰ ਸੋਚਣ ਨੂੰ ਮਜਬੂਰ ਹੋ ਚੁੱਕੇ ਹਨ। ਲੋਕਾਂ ਨੂੰ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਇਸ ਸਮੇਂ ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਹਨ। ਇਹ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਇਸ ਮੌਕੇ 'ਤੇ ਬਟਾਲਾ ਤੋਂ ਗੌਤਮ ਗੁੱਡੂ ਸੇਠ, ਹਰਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਵਾਈਸ ਪ੍ਰਧਾਨ ਨਗਰ ਕੌਂਸਲ ਸੰਜੀਵ ਅਗਰਵਾਲ, ਸਾਰੇ ਕੌਂਸਲਰ, ਸਰਪੰਚ ਮੌਜੂਦ ਸਨ।