- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਰਡਰ ਕੰਢੇ ਵੱਸਦੇ ਪਿੰਡ ਮੀਰਕਚਾਣਾ ਦੇ ਪ੍ਰਾਇਮਰੀ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ

--ਪੰਜ ਕਲਾਸਾਂ ਦੇ ਵਿਦਿਆਰਥੀਆਂ ਨੂੰ ਟੈਂਪਰੇਰੀ ਅਧਿਆਪਕ ਪੜ੍ਹਾਉਣ ਲਈ ਕਰ ਰਿਹਾ ਜੱਦੋ-ਜਹਿਦ
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਹੂਲਤਾਂ ਤੇ ਅਧਿਆਪਕਾਂ ਦੀਆਂ ਪੋਸਟਾਂ ਭਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਬਾਰਡਰ ਪੱਟੀ 'ਤੇ ਕੰਢੇ ਵੱਸੇ ਪਿੰਡ ਮੀਰਕਚਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਟੈਂਪਰੇਰੀ ਤੌਰ 'ਤੇ ਵੱਖ-ਵੱਖ ਸਕੂਲਾਂ ਤੋਂ ਸਰਕਾਰੀ ਅਧਿਆਪਕ ਦੀ ਡਿਊਟੀ ਲਾ ਕੇ ਬੁੱਤਾ ਸਾਰਿਆ ਜਾ ਰਿਹਾ ਹੈ ਤੇ ਇੱਕ ਆਰਜ਼ੀ ਡਿਊਟੀ 'ਤੇ ਤੈਨਾਤ ਸਰਕਾਰੀ ਅਧਿਆਪਕ ਵੱਲੋਂ ਸਕੂਲ ਵਿੱਚ ਪੜ੍ਹਦੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ।
ਇੱਥੇ ਦੱਸਣਯੋਗ ਹੈ ਕਿ ਪ੍ਰਾਇਮਰੀ ਸਿੱਖਿਆ ਵਿਭਾਗ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਮੀਰਕਚਾਣਾ ਦੇ ਪ੍ਰਾਇਮਰੀ ਸਕੂਲ ਵਿੱਚੋਂ ਵਿੱਦਿਆ ਪ੍ਰਾਪਤ ਕਰਕੇ ਪਿੰਡ ਦੇ ਕਈ ਵਿਦਿਆਰਥੀ ਪੜ੍ਹਾਈ ਕਰਕੇ ਵੱਡੇ ਅਫ਼ਸਰ ਬਣ ਚੁੱਕੇ ਹਨ। ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ’ਚ ਪਹਿਲਾਂ ਦੋ ਅਧਿਆਪਕ ਸਨ, ਜਿਨ੍ਹਾਂ ਵਿੱਚੋਂ ਇੱਕ ਈਟੀਟੀ ਤੇ ਇਕ ਪ੍ਰੀ-ਪ੍ਰਾਇਮਰੀ ਅਧਿਆਪਕ ਵੱਲੋਂ ਪਹਿਲੀ ਤੋਂ ਲੈ ਕੇ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਸੀ। ਪਿਛਲੇ ਸਮੇਂ ਦੌਰਾਨ ਇਕ ਈਟੀਟੀ ਅਧਿਆਪਕ ਵੱਲੋਂ ਬਦਲੀ ਕਰਵਾਉਣ ਤੋਂ ਬਾਅਦ ਇੱਕ ਪ੍ਰੀ-ਪ੍ਰਾਇਮਰੀ ਅਧਿਆਪਕ ਵੱਲੋਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਸੀ, ਪਰੰਤੂ ਉਸ ਅਧਿਆਪਕ ਦੀ ਮੌਤ ਹੋਣ ਤੋਂ ਬਾਅਦ ਇਸ ਵੇਲੇ ਇਕ ਸਰਕਾਰੀ ਅਧਿਆਪਕਾ ਵੱਲੋਂ ਆਰਜ਼ੀ ਤੌਰ 'ਤੇ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਹੁਣ ਠੰਢ ਦਾ ਮੌਸਮ ਸ਼ੁਰੂ ਹੋਣ 'ਤੇ ਬਾਰਡਰ ਏਰੀਏ ਨਾਲ ਲੱਗਦੇ ਰਾਵੀ ਦਰਿਆ ਕਾਰਨ ਸੰਘਣੀ ਧੁੰਦ ਪੈਣ ਕਾਰਨ ਦੂਰ-ਦੁਰਾਡੇ ਤੋਂ ਆਰਜ਼ੀ ਤੌਰ 'ਤੇ ਸਕੂਲ ਆਉਣ ਵਾਲੀ ਅਧਿਆਪਕਾ ਨੂੰ ਵੱਡੀਆਂ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਹਨ। ਪਿੰਡ ਵਾਸੀਆਂ ਨੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਵਿੱਚ ਅਧਿਆਪਕਾ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ, ਤਾਂ ਜੋ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋ ਸਕੇ। ਇਸ ਮੌਕੇ ਜਦੋਂ ਬਲਾਕ ਪ੍ਰਾਇਮਰੀ ਅਫ਼ਸਰ ਸੁਦੇਸ਼ ਖੰਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਕੂਲ ਦੀ ਅਧਿਆਪਕਾ ਕਿੰਦਰ ਦੇਵੀ ਦੀ ਮੌਤ ਹੋਣ ਤੋਂ ਉਪਰੰਤ ਸਕੂਲ ’ਚ ਇਕ ਆਰਜ਼ੀ ਸਰਕਾਰੀ ਅਧਿਆਪਕ ਦੀ ਡਿਊਟੀ ਲਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਅਧਿਆਪਕਾਂ ਦੀਆਂ ਪੱਕੀਆਂ ਪੋਸਟਾਂ ਭਰਨ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਤੌਰ 'ਤੇ ਜਾਣੂ ਕਰਵਾਇਆ ਗਿਆ ਹੈ ਅਤੇ ਜਲਦ ਹੀ ਸਕੂਲ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਪੱਕਿਆਂ ਤੌਰ 'ਤੇ ਭਰ ਦਿੱਤਾ ਜਾਵੇਗਾ।