ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ : ਐੱਸਐੱਸਪੀ ਡਾ. ਸਿੰਘ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ : ਐੱਸਐੱਸਪੀ ਡਾ. ਸਿੰਘ
Publish Date: Sat, 21 Nov 2026 05:06 PM (IST)
Updated Date: Sat, 21 Nov 2026 05:07 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੁਲਿਸ ਅਤੇ ਆਮ ਜਨਤਾ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਸ਼ਨਿੱਚਰਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਬਟਾਲਾ ਪੁਲਿਸ ਵਿਸ਼ੇਸ਼ ਸੰਪਰਕ ਮੀਟਿੰਗ ਕਰਵਾਈ ਗਈ, ਜਿਸ ’ਚ ਐੱਸਐੱਸਪੀ ਡਾ. ਮਹਿਤਾਬ ਸਿੰਘ ਸਮੇਤ ਸਮੂਹ ਐੱਸ.ਪੀਜ਼, ਡੀ.ਐੱਸ.ਪੀ ਸਿਟੀ ਅਤੇ ਹੋਰ ਪਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਸਿੰਘ ਨੇ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਜਾਂ ਸਮਾਜ ਵਿਰੋਧੀ ਅਨਸਰਾਂ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰ ਸਕਦਾ ਹੈ। ਐੱਸਐੱਸਪੀ ਨੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਐੱਸਐੱਚਓ ਸਿਵਲ ਲਾਈਨ ਲਖਵਿੰਦਰ ਸਿੰਘ, ਐੱਸਐੱਚਓ ਸਿਟੀ ਗੁਰਇਕਬਾਲ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।