ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਦੀ ਮਹੀਨਾਵਾਰ ਮੀਟਿੰਗ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Wed, 30 Sep 2026 04:22 PM (IST)
Updated Date: Wed, 30 Sep 2026 04:24 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਸਾਥੀ ਸਾਹਿਬ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਵੇਂ ਸੰਘਰਸ਼ ਦੇ ਦਬਾਅ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 8 ਫੀਸਦੀ ਡੀਏ ਦੀਆਂ ਦੋ ਕਿਸ਼ਤਾਂ ਸਤੰਬਰ ਮਹੀਨੇ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ, ਪਰ ਇਹ ਕਿਸ਼ਤਾਂ ਜੁਲਾਈ 2023 ਅਤੇ ਦੂਜੀ ਜਨਵਰੀ 2024 ਬਾਰੇ ਪੱਤਰ ਜਾਰੀ ਕਰਦੇ ਸਮੇਂ ਸਪਸ਼ਟ ਨਹੀਂ ਹੈ ਅਤੇ ਪਿਛਲੇ ਬਕਾਇਆ ਦੇਣ ਬਾਰੇ ਵੀ ਕੋਈ ਨਹੀਂ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਬਕਾਇਆ ਡੀਏ ਦੀਆਂ ਚਾਰ ਕਿਸ਼ਤਾਂ ਜੋ ਕਿ 10 ਫੀਸਦੀ ਹਨ, ਉਨ੍ਹਾਂ ਬਾਰੇ ਵੀ ਸਰਕਾਰ ਚੁੱਪ ਹੈ। ਹਾਈਕੋਰਟ ਦੇ ਹੁਕਮਾਂ ਨੂੰ ਵੀ ਸਰਕਾਰ ਲਾਗੂ ਕਰਨ ਤੋਂ ਭੱਜ ਰਹੀ ਹੈ। ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਵੇਂ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਪੰਜਾਬ ਸਰਕਾਰ ਟਾਲਾ ਵੱਟ ਰਹੀ ਹੈ, 17 ਜੁਲਾਈ 2020 ਵਾਲਾ ਪੱਤਰ ਰੱਦ ਕਰਨ, ਅਤੇ ਬੰਦ ਕੀਤੇ ਭੱਤੇ ਬਹਾਲ ਕਰਨ, ਪ੍ਰੋਵੀਜ਼ਨਲ ਪੀਰੀਅਡ ਸਮੇਂ ਦੌਰਾਨ ਪੂਰੀ ਤਨਖਾਹ ਦੇਣ, ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕਰਨ ਆਦਿ ਮੰਗਾਂ ਨੂੰ ਵੀ ਲਮਕਾਇਆ ਜਾ ਰਿਹਾ ਹੈ। ਇਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 10 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਵਾਲੀ ਰੋਸ ਰੈਲੀ ਵਿੱਚ ਬਿਜਲੀ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਤੇ ਸਰਕਲ ਸਕੱਤਰ ਨਿਸ਼ਾਨ ਸਿੰਘ ਸੋਹਲ, ਗੁਰਦੇਵ ਸਿੰਘ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ ਟਾਂਡਾ, ਅਨਿਲ ਕੁਮਾਰ ਸ਼ਰਮਾ, ਅਮਨਦੀਪ ਸਿੰਘ ਧਾਲੀਵਾਲ, ਨਰੇਸ਼ ਕੁਮਾਰ, ਅਰਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।