ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ’ਚ ਹੋ ਰਹੀ ਲੁੱਟ ਦਾ ਹੋਵੇਗਾ ਅੰਤ : ਸੀਮਾ ਕੁਮਾਰੀ ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਹੋ ਰਹੀ ਲੁੱਟ ਦਾ ਹੋਵੇਗਾ ਅੰਤ : ਸੀਮਾ ਕੁਮਾਰੀ
Publish Date: Sat, 28 Nov 2026 03:35 PM (IST)
Updated Date: Sat, 28 Nov 2026 03:37 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਤੋਂ ਭਾਜਪਾ ਦੇ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਹੋ ਰਹੀ ਲੁੱਟ ਦਾ ਅੰਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਰਮਿਆਨ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵਾਂ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਦੀ ਸਰਕਾਰ ਬਣਨਾ ਤੈਅ ਹੈ ਅਤੇ ਇਸ ਦੇ ਮਾਧਿਅਮ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਪੰਜਾਬ ਦੀ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ, ਅਧਿਆਪਕਾਂ, ਵਪਾਰੀਆਂ, ਕਿਸਾਨਾਂ, ਵਿਦਿਆਰਥੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਠਜੋੜ ਤੋਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਅਤੇ ਬਿਹਤਰ ਭਵਿੱਖ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਪਾਰੀਆਂ ਨੂੰ ਬਿਹਤਰ ਮਾਹੌਲ, ਕਿਸਾਨਾਂ ਨੂੰ ਰਾਹਤ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਗਠਜੋੜ ਨੂੰ ਸੂਬੇ ਦੇ ਲੋਕਾਂ ਦਾ ਸਮਰਥਨ ਮਿਲੇਗਾ ਅਤੇ 2027 ਦੀਆਂ ਚੋਣਾਂ ਵਿੱਚ ਇਸ ਦੇ ਹੱਕ ਵਿੱਚ ਫ਼ਤਵਾ ਆਵੇਗਾ। ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਗਠਜੋੜ ਦੀਆਂ ਨੀਤੀਆਂ ਅਤੇ ਵਿਚਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਇਕਜੁੱਟ ਹੋ ਕੇ ਕੰਮ ਕਰਨ।