- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਦ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੀ ਹੈ ਜਨਤਾ : ਜ਼ੋਗਿੰਦਰ ਪਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜ਼ੋਗਿੰਦਰ ਪਾਲ ਨੇ ਕਿਹਾ ਕਿ ਜਨਤਾ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਦ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੀ ਹੈ। ਜਨਤਾ ਨੇ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਸੱਤਾ ਸੌਂਪੀ ਸੀ, ਉਸ ਨੂੰ ਮੌਜੂਦਾ ਸਰਕਾਰ ਨੇ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਪਹਿਚਾਣ ਪ੍ਰਚਾਰ-ਪ੍ਰਸਾਰ ਨਾਲ ਨਹੀਂ ਸਗੋਂ ਧਰਾਤਲ ’ਤੇ ਕਰਵਾਏ ਵਿਕਾਸ ਕੰਮਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨਾਲ ਹੁੰਦੀ ਹੈ। ਜੇਕਰ ਸਰਕਾਰ ਨੇ ਅਸਲ ਵਿੱਚ ਲੋਕ ਹਿੱਤ ਵਿੱਚ ਕੰਮ ਕੀਤਾ ਹੁੰਦਾ ਤਾਂ ਉਸ ਨੂੰ ਆਪਣੀਆਂ ਪ੍ਰਾਪਤੀਆਂ ਅਤੇ ਇਮਾਨਦਾਰੀ ਸਾਬਤ ਕਰਨ ਲਈ ਵੱਡੇ-ਵੱਡੇ ਫਲੈਕਸ ਅਤੇ ਇਸ਼ਤਿਹਾਰਾਂ ਦਾ ਸਹਾਰਾ ਨਾ ਲੈਣਾ ਪੈਂਦਾ। ਅੱਜ ਜਨਤਾ ਸਰਕਾਰ ਤੋਂ ਕੀਤੇ ਗਏ ਵਾਅਦਿਆਂ ਦਾ ਹਿਸਾਬ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਾਗਰੂਕ ਜਨਤਾ ਹੁਣ ਸਿਰਫ਼ ਭਾਸ਼ਣਾਂ ਅਤੇ ਦਾਅਵਿਆਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ ਹੈ ਅਤੇ ਉਹ ਸੱਤਾ ਵਿੱਚ ਬਦਲਾਅ ਚਾਹੁੰਦੀ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਨੂੰ ਨਾਲ ਲੈ ਕੇ ਸੜਕਾਂ, ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ ਜਨਤਾ ਮੁੜ ਕਾਂਗਰਸ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਇੱਕ ਵਾਰ ਫਿਰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।