- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਗੁਰਨਾਮ ਸਿੰਘ ਦੇ ਦੇਹਾਂਤ ਨਾਲ ਇਨਕਲਾਬੀ ਲਹਿਰ ਨੂੰ ਪਿਆ ਵੱਡਾ ਘਾਟਾ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਕਮਿਊਨਿਸਟ ਲਹਿਰ ਨੂੰ ਦੋ ਵੱਡੇ ਝਟਕੇ ਲੱਗੇ ਹਨ। ਨਾਮਵਰ ਕਮਿਊਨਿਸਟ ਆਗੂ, ਸਾਬਕਾ ਸੰਪਾਦਕ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਟਰੱਸਟੀ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਬੀਤੀ ਰਾਤ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਹੋ ਗਿਆ। ਜਮਹੂਰੀ ਅਧਿਕਾਰ ਸਭਾ ਪੰਜਾਬ (ਦਿਹਾਤੀ ਮਜ਼ਦੂਰ ਸਭਾ) ਦੇ ਸਕੱਤਰ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਦੋਹਾਂ ਆਗੂਆਂ ਦੇ ਅਚਨਚੇਤੀ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟਾਇਆ ਗਿਆ ਹੈ।
ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਕਾਮਰੇਡ ਅਜਮੇਰ ਸਿੰਘ ਸਮਰਾ ਬੜੇ ਲੰਬੇ ਸਮੇਂ ਤੋਂ ਬੀਮਾਰ ਸਨ। ਬੀਤੀ ਰਾਤ ਕਰੀਬ 1 ਵਜੇ ਉਨ੍ਹਾਂ ਨੇ ਸਦੀਵੀ ਵਿਛੋੜਾ ਦੇ ਦਿੱਤਾ। ਕਾਮਰੇਡ ਗੁਰਨਾਮ ਸਿੰਘ ਦਾਊਦ ਜੋ ਕਿ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਨ, ਨੇ ਵੀ ਸਾਰੀ ਉਮਰ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕੀਤਾ। ਉਹ ਇੱਕ ਸੂਝਵਾਨ, ਸਿਰੜੀ ਅਤੇ ਮਜ਼ਦੂਰਾਂ ਦੀ ਮੁਕਤੀ ਪ੍ਰਤੀ ਸਮਰਪਿਤ ਆਗੂ ਸਨ। ਇੱਕ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਉਨ੍ਹਾਂ ਨੂੰ ਸਿਰ ਵਿੱਚ ਗੰਭੀਰ ਸੱਟ ਲੱਗੀ। ਹੋਰ ਜਖਮਾਂ ਦੀ ਤਾਬ ਨਾ ਝੱਲਦਿਆਂ ਉਹ ਇਸ ਸੰਸਾਰ ਤੋਂ ਵਿਛੜ ਗਏ। ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਨੇ ਦੋਹਾਂ ਆਗੂਆਂ ਦੇ ਬੇਵਕਤੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਅ ਕਰਦਿਆਂ ਉਨ੍ਹਾਂ ਨੂੰ ਭਾਵਪੂਰਣ ਸ਼ਰਧਾਂਜਲੀ ਭੇਟ ਕੀਤੀ ਤੇ ਆਪਣੇ ਨਾਲ ਜੋੜੀਆਂ ਸੰਘਰਸ਼ ਯਾਤਰਾਵਾਂ ਨੂੰ ਯਾਦ ਕੀਤਾ।