- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦੀ ਇਲਾਕੇ ਵਿੱਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਦੋਰਾਂਗਲਾ: ਥਾਣਾ ਦੌਰਾਂਗਲਾ ਦੇ ਅਧੀਨ ਆਉਂਦੇ ਸਰਹੱਦੀ ਇਲਾਕੇ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੀ ਰਾਤ ਚੋਰਾਂ ਵੱਲੋਂ ਦੋ ਕਿਸਾਨਾਂ ਦੇ ਘਰਾਂ ਦੇ ਬਾਹਰ ਖੜ੍ਹੇ ਟਰੈਕਟਰਾਂ ਅਤੇ ਕੰਬਾਈਨ ਵਿੱਚੋਂ ਬੈਟਰੀਆਂ ਚੋਰੀ ਕਰ ਲਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਲਾਕੇ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਕਿਸਾਨਾਂ, ਦੁਕਾਨਦਾਰਾਂ ਅਤੇ ਵਪਾਰੀਆਂ ਵਿੱਚ ਭਾਰੀ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ। ਪੀੜਤ ਕਿਸਾਨ ਭੁਪਿੰਦਰ ਸਿੰਘ ਪੁੱਤਰ ਰਾਜ ਕੁਮਾਰ ਅਤੇ ਜਸਵੰਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਦਬੂੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਤੋਂ ਬਾਅਦ ਚੋਰਾਂ ਵੱਲੋਂ ਉਨ੍ਹਾਂ ਦੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹਵੇਲੀ ਵਿੱਚ ਖੜ੍ਹੇ ਅਰਜਨ ਟਰੈਕਟਰ ਦੀ ਇੱਕ ਬੈਟਰੀ ਅਤੇ ਕੰਬਾਈਨ ਵਿੱਚੋਂ ਦੋ ਬੈਟਰੀਆਂ ਚੋਰੀ ਕਰ ਲਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕੰਬਾਈਨ ਅਤੇ ਟਰੈਕਟਰ ਦੇ ਨੇੜੇ ਨਸ਼ੇ ਦੇ ਟੀਕੇ ਲਗਾਉਣ ਵਾਲੀਆਂ ਵਰਤੀਆਂ ਹੋਈਆਂ ਸਿਰਿੰਜਾਂ ਅਤੇ ਟੀਕੇ ਖਿੱਲਰੇ ਹੋਏ ਮਿਲੇ ਹਨ। ਇਸ ਕਾਰਨ ਉਨ੍ਹਾਂ ਵੱਲੋਂ ਖਦਸ਼ਾ ਜਤਾਇਆ ਗਿਆ ਕਿ ਵਾਰਦਾਤ ਨਸ਼ੇ ਦੇ ਆਦੀ ਵਿਅਕਤੀਆਂ ਵੱਲੋਂ ਕੀਤੀ ਗਈ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਅੰਤਿਮ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਇਸੇ ਤਰ੍ਹਾਂ ਦੂਜੇ ਪੀੜਤ ਕਿਸਾਨ ਜਸਵੰਤ ਸਿੰਘ ਦੇ ਘਰ ਦੇ ਬਾਹਰ ਖੜ੍ਹੇ ਸਵਰਾਜ 875 ਟਰੈਕਟਰ ਦੀ ਬੈਟਰੀ ਵੀ ਚੋਰਾਂ ਵੱਲੋਂ ਚੋਰੀ ਕਰ ਲਈ ਗਈ। ਪੀੜਤ ਕਿਸਾਨ ਵੱਲੋਂ ਇਸ ਸਬੰਧੀ ਥਾਣਾ ਦੋਰਾਂਗਲਾ ਵਿੱਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਰਹੱਦੀ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਿਸਾਨਾਂ ਦੇ ਟਰੈਕਟਰਾਂ ਦੀਆਂ ਬੈਟਰੀਆਂ, ਦੁਕਾਨਾਂ ਅਤੇ ਹੋਰ ਸਮਾਨ ਚੋਰਾਂ ਦੇ ਨਿਸ਼ਾਨੇ ’ਤੇ ਹਨ। ਇਸ ਕਾਰਨ ਲੋਕਾਂ ਵਿੱਚ ਡਰ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਇਲਾਕੇ ਵਿੱਚ ਸਰਗਰਮ ਚੋਰ ਗਿਰੋਹਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।