ਚੀਨੀ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਖੈਰ ਨਹੀਂ
ਚੀਨੀ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਖੈਰ ਨਹੀਂ
Publish Date: Sun, 11 Jan 2026 06:36 PM (IST)
Updated Date: Mon, 12 Jan 2026 04:13 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਚੀਨੀ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਨੂੰ ਪਤੰਗਬਾਜ਼ੀ ਦਾ ਸ਼ੌਕ ਮਹਿੰਗਾ ਪੈ ਸਕਦਾ ਹੈ। ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਬਟਾਲਾ ਦੇ ਐੱਸਐੱਸਪੀ ਡਾ. ਮਹਿਤਾਬ ਸਿੰਘ ਦੇ ਹੁਕਮਾਂ ਤਹਿਤ ਬਟਾਲਾ ਪੁਲਿਸ ਪਤੰਗਬਾਜ਼ੀ ਕਰਨ ਵਾਲਿਆਂ ’ਤੇ ਡ੍ਰੋਨ ਰਾਹੀ ਨਜ਼ਰ ਰੱਖੇਗੀ। ਇਸੇ ਤਹਿਤ ਥਾਣਾ ਸਿਟੀ ਦੀ ਪੁਲਿਸ ਵਲੋਂ ਚੀਨੀ ਡੋਰ ਦੀ ਵਿਕਰੀ ਨੂੰ ਰੋਕਣ ਅਤੇ ਚੀਨੀ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਡ੍ਰੋਨ ਉਡਾ ਕੇ ਚੈਕਿੰਗ ਕੀਤੀ ਗਈ।
ਇਸ ਸੰਬੰਧੀ ਐੱਸਐੱਚਓ ਸਿਟੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸਿਟੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਚੀਨੀ ਡੋਰ ਵੇਚਣ ਅਤੇ ਖਰੀਦਣ ਵਾਲੇ ਵਿਅਕਤੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪੁਲਿਸ ਵਲੋਂ ਡ੍ਰੋਨ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਪਲਾਸਟਿਕ ਦੀ ਇਸ ਡੋਰ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਇਸ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਗਈ ਹੈ। ਉਨ੍ਹਾ ਕਿਹਾ ਕਿ ਜੋ ਵੀ ਵਿਅਕਤੀ ਜਾਂ ਬੱਚਾ ਚੀਨੀ ਡੋਰ ਨਾਲ ਪਤੰਗਬਾਜੀ ਕਰਦਾ ਹੋਇਆ ਪਾਇਆ ਗਿਆ ਤਾਂ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਡੋਰ ਮਨੁੱਖਾਂ ਅਤੇ ਜਾਨਵਰਾਂ ਦੇ ਲਈ ਬਹੁਤ ਘਾਤਕ ਹੈ, ਪਰ ਇਸਦੇ ਬਾਵਜੂਦ ਵੀ ਕੁਝ ਲੋਕ ਅਤੇ ਖਾਸ ਕਰਕੇ ਨੌਜਵਾਨ ਪਤੰਗਬਾਜ਼ੀ ਲਈ ਇਸ ਪਲਾਸਟਿਕ ਡੋਰ ਦੀ ਵਰਤੋਂ ਕਰਦੇ ਹਨ, ਜੋਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸ਼ਹਿਰ ’ਚ ਚੀਨੀ ਡੋਰ ਕਿਸੇ ਵੀ ਕੀਮਤ 'ਤੇ ਨਹੀਂ ਵਿਕਣ ਦਿੱਤੀ ਜਾਵੇਗੀ ਅਤੇ ਇਸ ਡੋਰ ਨੂੰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।