- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਕਿਲੋ 262 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋ 262 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਜਿਨ੍ਹਾਂ ਤੋਂ 50 ਹਜ਼ਾਰ ਰੁਪਏ ਡਰੱਗ ਮਨੀ, ਦੋ ਪਿਸਤੌਲ ਸਮੇਤ ਮੈਗਜ਼ੀਨ, ਪੰਜ ਜਿੰਦਾ ਰੌਂਦ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸਪੀ (ਡੀ) ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਜਿਸਦੇ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਬੱਬਰੀ ਬਾਈਪਾਸ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਆਈ-20 ਕਾਰ ਆ ਰਹੀ ਸੀ। ਜਿਸਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਕਾਰ ਨੂੰ ਆਕਾਸ਼ਦੀਪ ਸਿੰਘ ਪੁੱਤਰ ਹੀਰਾ ਸਿੰਘ ਨਿਵਾਸੀ ਫਤਿਹਪੁਰ (ਅੰਮ੍ਰਿਤਸਰ) ਚਲਾ ਰਿਹਾ ਸੀ। ਕਾਰ ਦੀ ਤਲਾਸ਼ੀ ਦੌਰਾਨ 1 ਕਿਲੋ ਹੈਰੋਇਨ, 50 ਹਜ਼ਾਰ ਰੁਪਏ ਡਰੱਗ ਮਨੀ, ਦੋ ਪਿਸਤੌਲ ਸਮੇਤ ਮੈਗਜ਼ੀਨ (ਇੱਕ ਬਿਨਾ ਮਾਰਕਾ ਅਤੇ ਇੱਕ ਪਿਸਤੌਲ ਗਲੌਕ) ਅਤੇ ਪੰਜ ਜਿੰਦਾ ਰੌਂਦ ਬਰਾਮਦ ਕੀਤੇ ਗਏ। ਮੁਲਜ਼ਮ ਦੇ ਖਿਲਾਫ ਐੱਨਡੀਪੀਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਕਾਸ਼ਦੀਪ ਸਿੰਘ ਦੇ ਖਿਲਾਫ ਪਹਿਲਾਂ ਵੀ ਇੱਕ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਮੁਲਜ਼ਮ ਸ਼ਾਮਲ ਹੋਵੇਗਾ, ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇਗਾ।
ਇੱਕ ਹੋਰ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਮੁਲਜ਼ਮ ਸਾਜਨਪ੍ਰੀਤ ਸਿੰਘ ਪੁੱਤਰ ਓਂਕਾਰ ਸਿੰਘ ਨਿਵਾਸੀ ਗਾਹਲੜੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ। ਜਿਸਦੀ ਤਲਾਸ਼ੀ ਦੌਰਾਨ ਉਸ ਤੋਂ 262 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਜਸਕਰਨਜੀਤ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ। ਜਿਸ ਕਾਰਨ ਮੁਲਜ਼ਮ ਜਸਕਰਨਜੀਤ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਆਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸਦੇ ਬੈਕਵਰਡ ਅਤੇ ਫਾਰਵਰਡ ਲਿੰਕਜ ਨੂੰ ਵੈਰੀਫਾਈ ਕਰਕੇ ਗਹਿਨਤਾ ਨਾਲ ਜਾਂਚ ਕੀਤੀ ਜਾਵੇਗੀ।
--ਅੱਠ ਮਾਮਲੇ ਦਰਜ, 15 ਮੁਲਜ਼ਮ ਗ੍ਰਿਫਤਾਰ---
ਐੱਸਪੀ (ਡੀ) ਮਨੋਜ ਕੁਮਾਰ ਨੇ ਦੱਸਿਆ ਕਿ ਉਕਤ ਬਰਾਮਦਗੀ ਨਸ਼ਾ ਤਸਕਰਾਂ ਲਈ ਇੱਕ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਨੈਟਵਰਕ ਦੇ ਖਿਲਾਫ ਲਗਾਤਾਰ ਅਤੇ ਸਖਤ ਕਾਰਵਾਈ ਕੀਤੀ ਹੈ। ਜਿਸਦੇ ਨਤੀਜੇ ਵਜੋਂ ਹੈਰੋਇਨ ਦੇ ਅੱਠ ਮਾਮਲੇ ਦਰਜ ਕਰਦਿਆਂ 15 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਕਰੀਬ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈਆਂ ਦੌਰਾਨ 11 ਪਿਸਤੌਲ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ ਅੱਗੇ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ।