
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਗੁਰਦਾਸਪੁਰ ‘ਚ ਭਰਵਾਂ ਸਵਾਗਤ

- ਰਮਨ ਬਹਿਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਸ਼ਾਲ ਲੈ ਕੇ ਪਹੁੰਚੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਪਠਾਨਕੋਟ ਤੋਂ ਮਸ਼ਾਲ ਲੈ ਕੇ ਪਹੁੰਚੇ ਖਿਡਾਰੀਆਂ ਦਾ ਦੀਨਾਨਗਰ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਅਤੇ ਗੁਰਦਾਸਪੁਰ ਵਿਖੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਅਸ਼ੋਕ ਕੁਮਾਰ ਐੱਸਡੀਐੱਮ ਗੁਰਦਾਸਪੁਰ, ਗਗਨਦੀਪ ਸਿੰਘ ਐੱਸਡੀਐੱਮ ਦੀਨਾਨਗਰ, ਜ਼ਿਲ੍ਹਾ ਸਿੱਖਿਆ ਅਫਸਰ (ਸ) ਰਜੇਸ਼ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਸਮੇਤ ਖਿਡਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪੈਦਲ ਮਾਰਚ ਕਰਦਿਆਂ ਮਸ਼ਾਲ ਨੂੰ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਲਿਜਾਇਆ ਗਿਆ। ਮਸ਼ਾਲ 28 ਅਗਸਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਨੂੰ ਰਵਾਨਾ ਕੀਤੀ ਜਾਵੇਗੀ।
ਜਿਮਨੇਜੀਅਮ ਹਾਲ ਗੁਰਦਾਸਪੁਰ ਦੇ ਕੰਪਲੈਕਸ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ‘ਯੂਥ ਕਨੈਕਟ’ ਦੇ ਨਾਲ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚਾਰ ਪੀੜ੍ਹੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਇਨਾਂ ਦੀ ਵਿਸ਼ੇਸ਼ ਪਛਾਣ ਹੈ। ਇਸ ਤੋਂ ਪਹਿਲਾਂ ਦੀਨਾਨਗਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਅਤੇ ਐੱਸ ਡੀ ਐੱਮ ਅਸ਼ੋਕ ਕੁਮਾਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ ਅਤੇ ਜ਼ਿਲ੍ਹਾ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ 28 ਅਗਸਤ ਨੂੰ ਬਟਾਲਾ ਤੋਂ ਹੁੰਦੇ ਹੋਏ ਮਸ਼ਾਲ ਸ੍ਰੀ ਅੰਮ੍ਰਿਤਸਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ। ਇਸ ਮੌਕੇ ਸੁਖਵਿੰਦਰ ਸਿੰਘ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਗੁਰਦਾਸਪੁਰ, ਚੇਅਰਮੈਨ ਜਸਬੀਰ ਸਿੰਘ ਕਠਿਆਲੀ, ਲੋਕੇਸ਼ ਸਿੰਘ, ਮਨਮੋਹਨ ਸਿੰਘ ਬਲਾਕ ਸੰਮਤੀ ਮੈਂਬਰ, ਟਰੱਸਟੀ ਹਿਤੇਸ਼ ਮਹਾਜਨ, ਟਰੱਸਟੀ ਰਘਬੀਰ ਸਿੰਘ ਖਾਲਸਾ, ਕੌਂਸਲਰ ਨਰੇਸ਼ ਕੁਮਾਰ, ਇਕਬਾਲ ਸਮਰਾ, ਸ੍ਰੀਮਤੀ ਅਨੀਤਾ ਜੀ ਤੋਂ ਇਲਾਵਾ ਕੌਂਸਲਰ, ਖਿਡਾਰੀ, ਖੇਡ ਪ੍ਰੇਮੀ, ਸਕੂਲ ਵਿਦਿਆਰਥੀ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।