ਆਕਾਸ਼, ਗੁਰਦਾਸੁਪਰ : ਖ਼ਜ਼ਾਨਾ ਦਫ਼ਤਰ ਦੇ ਕਲਰਕ ਨੂੰ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਕਲਰਕ ਰਜਨੀਸ਼ ਕੁਮਾਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਗੁਰਦਾਸਪੁਰ ਵਿਚ ਤਾਇਨਾਤ ਹੈ। ਉਸ ਵਿਰੁੱਧ 31 ਮਈ ਨੂੰ ਭਿ੍ਸ਼ਟਾਚਾਰ ਦੀ ਸ਼ਿਕਾਇਤ ਮਿਲੀ ਸੀ। ਇਸ 'ਤੇ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।

ਇਸ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮਿ੍ਤਸਰ ਵਿਖੇ ਨਿਰਧਾਰਤ ਕੀਤਾ ਗਿਆ ਹੈ। ਕਲਰਕ ਨੂੰ ਪੰਜਾਬ ਸਿਵਲ ਸਰਵਿਸਿਜ਼ ਐਕਟ ਅਨੁਸਾਰ ਮੇਨਟੀਨੈਂਸ ਮਿਲਦਾ ਰਹੇਗਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇਸਰਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਉਨ੍ਹਾਂ ਨੇ ਕਲਰਕ ਦੀ ਮੁਅੱਤਲੀ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੂਜੇ ਪਾਸੇ ਸੂਤਰਾਂ ਅਨੁਸਾਰ ਉਕਤ ਕਲਰਕ ਖ਼ਜ਼ਾਨਾ ਦਫ਼ਤਰ ਵਿਚ ਹੋਣ ਵਾਲੇ ਵੱਖ-ਵੱਖ ਕੰਮਾਂ ਲਈ ਲੋਕਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਸੀ। ਇਸ ਸਬੰਧੀ ਕਿਸੇ ਨੇ ਉਸ ਦੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ। ਜਾਂਚ ਦੇ ਆਧਾਰ 'ਤੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।