ਖਰੀਦ ਪ੍ਰਬੰਧਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐੱਸਡੀਐੱਮ ਨੂੰ ਮਿਲੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐੱਸਡੀਐੱਮ ਨੂੰ ਮਿਲੇ
Publish Date: Sat, 26 Sep 2026 06:28 PM (IST)
Updated Date: Sun, 27 Sep 2026 04:04 AM (IST)
ਸ਼ਾਮ ਤਿਵਾੜੀ\ਸਤਪਾਲ ਜ਼ਖਮੀ, ਪੰਜਾਬੀ ਜਾਗਰਣ, ਬਟਾਲਾ\ਡੇਰਾ ਬਾਬਾ ਨਾਨਕ : ਝੋਨੇ ਦੀ ਖਰੀਦ ਨਾਲ ਸਬੰਧਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਬਲਾਕ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਐੱਸਡੀਐੱਮ. ਨੂੰ ਜਾਣੂ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਹੈ ਪਰ ਮੰਡੀਆਂ ਵਿੱਚ ਅਜੇ ਤੱਕ ਖਰੀਦ ਦੇ ਪੁਖਤਾ ਪ੍ਰਬੰਧ ਪੂਰੇ ਨਹੀਂ ਹੋਏ। ਉਨ੍ਹਾਂ ਮੰਡੀਆਂ ਵਿੱਚ ਤਰਪਾਲਾਂ ਅਤੇ ਬਾਰਦਾਨੇ ਦਾ ਪ੍ਰਬੰਧ ਮੁਕੰਮਲ ਕਰਨ ਦੇ ਨਾਲ-ਨਾਲ ਕਿਸਾਨਾਂ ਲਈ ਬਾਥਰੂਮਾਂ ਦੀ ਉਚਿਤ ਵਿਵਸਥਾ ਕਰਨ ਦੀ ਮੰਗ ਕੀਤੀ।ਇਸ ਤੋਂ ਇਲਾਵਾ ਆਗੂਆਂ ਨੇ ਮਾਰਕੀਟ ਕਮੇਟੀ ਵੱਲੋਂ ਮੰਡੀਆਂ ਵਿੱਚ ਮਾਈਸਚਰ ਮਸ਼ੀਨਾਂ ਦਾ ਢੁੱਕਵਾਂ ਪ੍ਰਬੰਧ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਕਿਸਾਨਾਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇ, ਤਾਂ ਜੋ ਖਰੀਦ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲਾਂ ਹੀ ਹੱਲ ਕੀਤਾ ਜਾ ਸਕੇ, ਜਿਸ ’ਤੇ ਐੱਸਡੀਐੱਮ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ ਲੱਖਣ ਕਲਾਂ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਕਾਮਲਪੁਰ, ਜਗਜੀਤ ਸਿੰਘ, ਜਰਨੈਲ ਸਿੰਘ ਸਪਰਾਵਾਂ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ।