ਐੱਸਐੱਲਐੱਸਡੀ ਕਾਲਜ ’ਚ ਮਨਾਇਆ ਸੰਯੁਕਤ ਰਾਸ਼ਟਰ ਦਿਵਸ ਐੱਸਐੱਲਐੱਸਡੀ ਕਾਲਜ ਕਲਾਨੌਰ ਵਿਖੇ ਮਨਾਇਆ ਗਿਆ ਸੰਯੁਕਤ ਰਾਸ਼ਟਰ ਦਿਵਸ
Publish Date: Sat, 24 Oct 2026 03:54 PM (IST)
Updated Date: Sun, 25 Oct 2026 04:01 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸ਼ਹੀਦ ਲਛਮਣ ਸਿੰਘ ਧਰੋਵਾਲੀ ਯੂਨੀਵਰਸਿਟੀ ਕਾਲਜ, ਕਲਾਨੌਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਤਿਹਾਸ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਰਾਜਨੀਤੀ ਸ਼ਾਸਤਰ ਵਿਭਾਗ ਦੀ ਪ੍ਰੋਫ਼ੈਸਰ ਸਤਿੰਦਰ ਕੌਰ ਤੇ ਇਤਿਹਾਸ ਵਿਭਾਗ ਦੀ ਪ੍ਰੋਫ਼ੈਸਰ ਮਨਜਿੰਦਰ ਕੌਰ ਦੇ ਯਤਨਾਂ ਸਦਕਾ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋਫ਼ੈਸਰ ਸਤਿੰਦਰ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ, ਇਸ ਦੇ ਉਦੇਸ਼ਾਂ, ਮੁੱਖ ਅੰਗਾਂ ਅਤੇ ਵਿਸ਼ਵ ਸ਼ਾਂਤੀ ਕਾਇਮ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ਾਂ ਵਿਚਕਾਰ ਸਹਿਯੋਗ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਵਿਸ਼ਵ ਪੱਧਰੀ ਸਮੱਸਿਆਵਾਂ ਦੇ ਸ਼ਾਂਤੀਪੂਰਨ ਹੱਲ ਲਈ ਸੰਯੁਕਤ ਰਾਸ਼ਟਰ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਬੀਏ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਐਂਡੀ ਜੋਏਲ, ਸੋਨੀਆ, ਨਵਕਿਰਨਜੋਤ ਕੌਰ ਅਤੇ ਗੁਰਲੀਨ ਕੌਰ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸੰਯੁਕਤ ਰਾਸ਼ਟਰ ਸੰਘ ਅਤੇ ਅੰਤਰਰਾਸ਼ਟਰੀ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ਵ ਰਾਜਨੀਤੀ, ਅੰਤਰਰਾਸ਼ਟਰੀ ਸਹਿਯੋਗ ਅਤੇ ਵਿਸ਼ਵ ਸ਼ਾਂਤੀ ਨਾਲ ਜੁੜੇ ਵਿਸ਼ਿਆਂ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਅੰਤਰਰਾਸ਼ਟਰੀ ਸੰਸਥਾਵਾਂ, ਵਿਸ਼ਵ ਸ਼ਾਂਤੀ ਅਤੇ ਅੰਤਰਰਾਸ਼ਟਰੀ ਸਬੰਧਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਅਕਾਦਮਿਕ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ਵ ਪੱਧਰੀ ਮੁੱਦਿਆਂ ਪ੍ਰਤੀ ਸੁਚੇਤ ਕਰਨ ਵਿੱਚ ਸਹਾਈ ਸਿੱਧ ਹੋਇਆ।