- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਮੌਕੇ ਵੈਦ ਐੱਸ ਯੂਸਫ਼ ਨੇ ਲਗਾਇਆ ਬੂਟਿਆਂ ਦਾ ਸਟਾਲ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਦੋਰਾਂਗਲਾ : ਪ੍ਰਸਿੱਧ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ, ਸਰਹੱਦੀ ਇਲਾਕੇ ਦੇ ਪ੍ਰਸਿੱਧ ਵੈਦ ਐੱਸ ਯੂਸਫ਼ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਕਿਸਮਾਂ ਦੇ ਫੁੱਲਦਾਰ ਅਤੇ ਛਾਂਦਾਰ ਬੂਟਿਆਂ ਦਾ ਵਿਸ਼ੇਸ਼ ਸਟਾਲ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਗੁਰਪੁਰਬ ਮਨਾਉਣ ਲਈ ਆਉਣ ਵਾਲੀਆਂ ਸੰਗਤਾਂ ਤੇ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਮੁਫ਼ਤ ਬੂਟੇ ਵੰਡੇ ਗਏ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਵੈਦ ਐੱਸ ਯੂਸਫ਼ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਸਰਮਾਇਆ ਹਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਕੁਦਰਤ ਨਾਲ ਪਿਆਰ ਕਰਨ ਅਤੇ ਇਸ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰਪੁਰਬ ਵਰਗੇ ਪਵਿੱਤਰ ਦਿਹਾੜਿਆਂ ਨੂੰ ਸਮਾਜ ਸੇਵਾ ਅਤੇ ਵਾਤਾਵਰਨ ਦੀ ਸੰਭਾਲ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੇ ਇਸ ਉਪਰਾਲੇ ਦੀ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।