ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪ੍ਰਿਯਾਂਕ ਕਾਨੂੰਨਗੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਪ੍ਰਿਯਾਂਕ ਕਾਨੂੰਨਗੋ
Publish Date: Tue, 17 Nov 2026 04:55 PM (IST)
Updated Date: Tue, 17 Nov 2026 04:57 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਧਾਰੀਵਾਲ: ਮੈਂਬਰ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਭਾਰਤ ਸਰਕਾਰ ਪ੍ਰਿਯਾਂਕ ਕਾਨੂੰਨਗੋ ਧਾਰੀਵਾਲ ਵਿਖੇ ਸਥਿਤ ਹਿੰਦੂ ਕੰਨਿਆ ਮਹਾਂਵਿਦਿਆਲਾ ਵਿਖੇ ਕਰਵਾਏ ਗਏ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਤੇ ਬੁਨਿਆਦੀ ਹੱਕਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾ ਸਕੇ। ਇਸ ਤੋਂ ਬਾਅਦ ਪ੍ਰਿਯਾਂਕ ਕਾਨੂੰਨਗੋ ਪਿੰਡ ਕਲੇਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਨੇ ਇਕੱਲੇ-ਇਕੱਲੇ ਸ਼ਿਕਾਇਤਕਰਤਾ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਹਰੇਕ ਸ਼ਿਕਾਇਤ ਦਾ ਨਿਯਮਾਂ ਅਨੁਸਾਰ ਯੋਗ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਵਾਬਦੇਹੀ ਅਤੇ ਮਨੁੱਖੀ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸਡੀਐੱਮ ਅਰਵਿੰਦਰ ਪਾਲ ਸਿੰਘ, ਤਹਿਸੀਲਦਾਰ ਮੁਨੀਸ਼ ਕੁਮਾਰ, ਨਾਇਬ ਤਹਿਸੀਲਦਾਰ ਰਣਦੀਪ ਸਿੰਘ, ਕਾਲਜ ਪ੍ਰਧਾਨ ਐੱਨਡੀ ਆਨੰਦ, ਪ੍ਰਿੰਸੀਪਲ ਰਾਜਵਿੰਦਰ ਕੌਰ, ਮੁੱਖ ਸਕੱਤਰ ਵਿਨੈ ਸ਼ਰਮਾ, ਰਾਜਨ ਗੋਇਲ ਤੋਂ ਇਲਾਵਾ ਪਿੰਡ ਕਲੇਰ ਕਲਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।