- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਲਾਈਨ ਬਟਾਲਾ ਵਿਖੇ 8 ਪੁਲਿਸ ਮੁਲਾਜ਼ਮਾਂ ਨੂੰ ਸੇਵਾਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਪੰਜਾਬ ਪੁਲਿਸ ਵਿੱਚ ਆਪਣੀ ਲੰਮੀ ਅਤੇ ਮਾਣਮੱਤੀ ਸੇਵਾ ਨਿਭਾਉਣ ਉਪਰੰਤ ਪੁਲਿਸ ਲਾਈਨ ਬਟਾਲਾ ਵਿਖੇ 8 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾਮੁਕਤ ਹੋਣ ਮੌਕੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਸੇਵਾਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਵਿਭਾਗ ਪ੍ਰਤੀ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇਸ ਵਿਦਾਇਗੀ ਸਮਾਰੋਹ ਵਿੱਚ ਡੀਐੱਸਪੀ ਹੈੱਡਕੁਆਰਟਰ ਤਜਿੰਦਰ ਪਾਲ ਸਿੰਘ ਗੋਰਾਇਆ, ਇੰਚਾਰਜ ਲਿਟੀਗੇਸ਼ਨ ਐੱਸਆਈ ਅਜੀਤ ਸਿੰਘ, ਲਾਈਨ ਅਫਸਰ ਗੁਰਦੇਵ ਸਿੰਘ ਅਤੇ ਸਕੱਤਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਮੌਕੇ ਸੇਵਾਮੁਕਤ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਡੀਐੱਸਪੀ ਹੈੱਡਕੁਆਰਟਰ ਤਜਿੰਦਰ ਪਾਲ ਸਿੰਘ ਗੋਰਾਇਆ ਨੇ ਸੇਵਾਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੇ ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ।ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਹੁਣ ਉਹ ਆਪਣੇ ਇਲਾਕੇ, ਮੁਹੱਲੇ ਅਤੇ ਵਾਰਡ ਵਿੱਚ ਰਹਿੰਦਿਆਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਸੇਵਾਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੇ ਵੀ ਆਪਣੇ ਸੇਵਾਕਾਲ ਦੌਰਾਨ ਮਿਲੇ ਸਹਿਯੋਗ ਅਤੇ ਸਨਮਾਨ ਲਈ ਪੁਲਸ ਵਿਭਾਗ ਦਾ ਧੰਨਵਾਦ ਕੀਤਾ। ਅੰਤ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਸੇਵਾਮੁਕਤ ਹੋਏ 8 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਗਈ।