5.5 ਕਰੋੜੀ ਵਾਟਰ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ : ਕਟਾਰੂਚੱਕ 5.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵਾਟਰ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ: ਕਟਾਰੂਚੱਕ
Publish Date: Fri, 13 Nov 2026 05:16 PM (IST)
Updated Date: Sat, 14 Nov 2026 04:01 AM (IST)
- ਨਰੋਟ ਜੈਮਲ ਸਿੰਘ ਦੇ ਇਕ ਹਜ਼ਾਰ ਘਰਾਂ ਨੂੰ ਮਿਲੇਗਾ ਸਾਫ਼ ਪੀਣ ਵਾਲਾ ਪਾਣੀ ਜੀਆਰਪੀ- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਾਟਰ ਸਪਲਾਈ ਲੋਕਾਂ ਨੂੰ ਸਮਰਪਿਤ ਕਰਦੇ ਹੋਏ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ 5.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰ ਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਨਗਰ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਨਾਲ ਇਲਾਕੇ ਦੇ ਕਰੀਬ ਇੱਕ ਹਜ਼ਾਰ ਘਰਾਂ ਨੂੰ ਲਾਭ ਮਿਲੇਗਾ ਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਵਿੱਚ ਮਦਦ ਮਿਲੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਰੋਟ ਜੈਮਲ ਸਿੰਘ ਦੇ ਲੋਕ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਲੋਕਾਂ ਦੀ ਇਸ ਮੁੱਢਲੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪੂਰਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1.70 ਲੱਖ ਲੀਟਰ ਪਾਣੀ ਦੀ ਸਮਰੱਥਾ ਵਾਲੀ ਵਿਸ਼ਾਲ ਟੈਂਕੀ ਦਾ ਨਿਰਮਾਣ ਕੀਤਾ ਗਿਆ ਹੈ, ਜਦਕਿ ਨਗਰ ਵਿੱਚ ਕਰੀਬ 11.5 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਤੇ ਚੌੜਾ ਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦੀ ਉਸਾਰੀ ਅਤੇ ਬੱਚਿਆਂ ਦੀ ਬਿਹਤਰ ਦੇਖਭਾਲ ਤੇ ਮੁੱਢਲੀਆਂ ਸਹੂਲਤਾਂ ਲਈ ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਸਮੇਤ ਹੋਰ ਵਿਕਾਸ ਕਾਰਜ ਵੀ ਜਾਰੀ ਹਨ। ਇਸ ਮੌਕੇ ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪਰਿਸ਼ਦ, ਬਲਾਕ ਪ੍ਰਧਾਨ ਸੰਦੀਪ ਮਹਾਜਨ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਨਗਰ ਪੰਚਾਇਤ ਨਰੋਟ ਜੈਮਲ ਸਿੰਘ ਕੌਂਸਲਰ ਮਾਇਆ ਦੇਵੀ, ਕੌਂਸਲਰ ਮਨੀਸ਼ਾ ਮਹਾਜਨ, ਕੌਂਸਲਰ ਕਰਮ ਚੰਦ ਕੋਕੋ, ਕੌਂਸਲਰ ਅਨੂ ਸ਼ਰਮਾ, ਕੌਂਸਲਰ ਆਸ਼ਾ ਦੇਵੀ, ਵਾਟਰ ਸਪਲਾਈ ਸੀਵਰੇਜ ਬੋਰਡ ਦੇ ਐਕਸੀਨ ਦਿਵਤੇਸ਼ ਵਿਰਦੀ, ਮੁਕੇਸ਼ ਕੁਮਾਰ ਯੂਥ ਆਗੂ, ਨਗਰ ਪੰਚਾਇਤ ਦੇ ਸਮੂਹ ਐਮ.ਸੀ. ਸਾਹਿਬਾਨ, ਆਸ-ਪਾਸ ਦੇ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਦੇ ਵਲੰਟੀਅਰ ਸਾਥੀ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।