ਪੰਜਾਬ |ਚੋਂ ਨਸ਼ੇ ਨੂੰ ਖਤਮ ਕਰਕੇ ਦਮ ਲਵਾਂਗੇ : ਸ਼ਮਸ਼ੇਰ ਸਿੰਘ
ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਕੇ ਦਮ ਲਵਾਂਗੇ- ਸ਼ਮਸ਼ੇਰ ਸਿੰਘ
Publish Date: Sat, 10 Jan 2026 04:07 PM (IST)
Updated Date: Sun, 11 Jan 2026 04:00 AM (IST)
ਸ਼ਾਮ ਸਿੰਘ ਘੁੰਮਣ, ਪੰਜਾਬੀ ਜਾਗਰਣ
ਦੀਨਾਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਨਸ਼ੇ ਦੇ ਕਾਰੋਬਾਰ ਨੂੰ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਹੋਰ ਸਖਤ ਕਦਮ ਚੁੱਕੇ ਜਾਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨਾਮੁਰਾਦ ਅਲਾਮਤ ਨੂੰ ਪੰਜਾਬ ’ਚੋਂ ਖਤਮ ਕਰਕੇ ਹੀ ਦਮ ਲਵੇਗੀ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਰਜੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸੋਚ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਤਹੱਈਏ ਨਾਲ ਕਰੀਬ 10 ਮਹੀਨੇ ਪਹਿਲਾਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜਾ ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ। ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਪਹਿਲਾਂ ਨਸ਼ੇ ਪੰਜਾਬ ਦੀ ਹਰ ਗਲੀ ਅਤੇ ਮੁਹੱਲੇ ਅੰਦਰ ਸ਼ਰੇਆਮ ਵਿਕਦੇ ਸਨ ਅਤੇ ਪੰਜਾਬ ਨਸ਼ਿਆਂ ਵਿੱਚ ਜਕੜਿਆ ਹੋਇਆ ਸੀ ਪਰ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਜਿਸ ਢੰਗ ਨਾਲ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜੀ ਹੈ ਅਜਿਹਾ ਪਹਿਲਾਂ ਕਦੇ ਵੀ ਨਹੀਂ ਹੋਇਆ। ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜੀ ਕਰਨ ਲਈ ਡੇਢ ਲੱਖ ਵਿਲੇਜ ਡਿਫੈਂਸ ਕਮੇਟੀਆਂ ਤਿਆਰ ਕੀਤੀਆਂ ਗਈਆਂ ਹਨ। ਨਸ਼ੇ ਦੇ ਕਾਰੋਬਾਰ ਵਿੱਚ ਲੱਗੇ 28000 ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਅਤੇ 42000 ਨਸ਼ਾ ਤਸਕਰਾਂ ਨੂੰ ਜੇਲ਼੍ਹਾਂ ਅੰਦਰ ਡੱਕਿਆ ਗਿਆ ਹੈ। ਇੱਥੋਂ ਤੱਕ ਕਿ ਵੱਡੇ ਅਤੇ ਪ੍ਰਭਾਵਸ਼ਾਲੀ ਮਗਰਮੱਛਾਂ ਨੂੰ ਵੀ ਨਹੀਂ ਬਖਸ਼ਿਆ ਅਤੇ ਜੇਲ੍ਹਾਂ ਅੰਦਰ ਬੰਦ ਕੀਤਾ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਇਸ ਲੜਾਈ ਨੂੰ ਖਤਮ ਕਰਨ ਲਈ ਸਮਾਂ ਜ਼ਰੂਰ ਲੱਗ ਰਿਹਾ ਹੈ ਪਰ ਲੋਕਾਂ ਦੇ ਸਹਿਯੋਗ ਨਾਲ ਇਸ ਜੰਗ ਨੂੰ ਜਰੂਰ ਜਿੱਤਿਆ ਜਾਵੇਗਾ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।