ਰਾਮ ਸ਼ਰਣਮ ਕਾਲੋਨੀ ’ਚ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ, ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਲਿਆ ਜਾਇਜ਼ਾ ਰਾਮ ਸ਼ਰਣਮ ਕਾਲੋਨੀ ਵਿੱਚ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ, ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਲਿਆ ਜਾਇਜ਼ਾ
Publish Date: Sun, 29 Nov 2026 05:46 PM (IST)
Updated Date: Sun, 29 Nov 2026 05:47 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਸ਼ਹਿਰ ਦੀ ਰਾਮ ਸ਼ਰਣਮ ਕਾਲੋਨੀ ਵਿੱਚ ਵਿਕਾਸ ਕੰਮਾਂ ਨੂੰ ਗਤੀ ਦਿੰਦਿਆਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੌਕੇ ’ਤੇ ਪਹੁੰਚ ਕੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਰਾਮ ਸ਼ਰਣਮ ਕਾਲੋਨੀ ਦੀਆਂ ਕਈ ਗਲੀਆਂ ਕੱਚੀਆਂ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਖ਼ਾਸਕਰ ਬਾਰਿਸ਼ ਦੇ ਦਿਨਾਂ ਵਿੱਚ ਗਲੀਆਂ ਦੀ ਹਾਲਤ ਖ਼ਰਾਬ ਹੋ ਜਾਂਦੀ ਸੀ ਅਤੇ ਲੋਕਾਂ ਲਈ ਉੱਥੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਸੀ। ਕਾਲੋਨੀਵਾਸੀਆਂ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਪਹਿਲਾਂ ਸੀਵਰੇਜ ਪਾਉਣ ਦਾ ਕੰਮ ਕਰਵਾਇਆ ਗਿਆ, ਤਾਂ ਜੋ ਭਵਿੱਖ ਵਿੱਚ ਗਲੀਆਂ ਨੂੰ ਦੁਬਾਰਾ ਪੁੱਟਣ ਦੀ ਲੋੜ ਨਾ ਪਵੇ। ਉਨ੍ਹਾਂ ਦੱਸਿਆ ਕਿ ਕਾਲੋਨੀ ਵਿੱਚ ਸੀਵਰੇਜ ਪਾਉਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਹੁਣ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਬਾਕੀ ਬਚੇ ਵਿਕਾਸ ਕੰਮ ਵੀ ਜਲਦੀ ਪੂਰੇ ਕਰਵਾਏ ਜਾਣਗੇ, ਤਾਂ ਜੋ ਸਥਾਨਕ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਾਹੜਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਮੁੱਢਲੀਆਂ ਸੁਵਿਧਾਵਾਂ ਉਪਲਬਧ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਹਿਰ ਵਿੱਚ ਹੋ ਰਹੇ ਵਿਕਾਸ ਕੰਮਾਂ ਕਾਰਨ ਵਿਰੋਧੀਆਂ ਦੀ ਨੀਂਦ ਹਰਾਮ ਹੋ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵਿਕਾਸ ਕੰਮ ਕਰਵਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ, ਜਦਕਿ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।