- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਰੋਡ ’ਤੇ ਨੌਜਵਾਨ ਨੂੰ ਭੇਤਭਰੇ ਹਾਲਾਤ ’ਚ ਲੱਗੀ ਗੋਲੀ, ਗੰਭੀਰ ਜ਼ਖਮੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸਥਾਨਕ ਗੁਰਦਾਸਪੁਰ ਰੋਡ ’ਤੇ ਇੱਕ ਨੌਜਵਾਨ ਨੂੰ ਭੇਤਭਰੇ ਹਾਲਾਤ ਵਿੱਚ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਰਦਾਸਪੁਰ ਰੋਡ ’ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸੰਭਾਵਨਾ ਸਾਹਮਣੇ ਆ ਰਹੀ ਹੈ ਕਿ ਗੋਲੀ ਨੌਜਵਾਨ ਵੱਲੋਂ ਹੀ ਚੱਲੀ ਹੋ ਸਕਦੀ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਜਾਣਬੁੱਝ ਕੇ ਚਲਾਈ ਗਈ ਜਾਂ ਕਿਸੇ ਹੋਰ ਕਾਰਨ ਕਰਕੇ ਅਚਾਨਕ ਚੱਲੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਵੀ ਫਿਲਹਾਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਬਿਹਤਰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।