- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਕਰਵਾਏ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਸ੍ਰੀ ਹਰਗੋਬਿੰਦਪੁਰ ਸਾਹਿਬ: ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਜ਼ੋਨ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਕਰਵਾਏ ਗਏ। ਪ੍ਰਿੰਸੀਪਲ ਮਧੂ ਸਾਵਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਜ਼ੋਨ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਿਤ ਦੱਸ ਸਕੂਲਾਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਕੀਰਤਨ ਗਾਇਨ ਮੁਕਾਬਲਿਆਂ ਦਾ ਆਗਾਜ਼ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੁਰਮਤਿ ਸੰਗੀਤ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਿਊ ਅਰਬਨ ਅਸਟੇਟ ਬਟਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੰਦਾ ਚੌਰ ਹੁਸ਼ਿਆਰਪੁਰ ਦੀ ਟੀਮ ਨੂੰ ਹੌਸਲਾ-ਅਫ਼ਜ਼ਾਈ ਸਨਮਾਨ ਦਿੱਤਾ ਗਿਆ। ਜੱਜਾਂ ਦੀ ਭੂਮਿਕਾ ਡਾ. ਸ਼ਿਵਾਨੀ ਪ੍ਰਿੰਸੀਪਲ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਅਤੇ ਰੁਪਿੰਦਰ ਕੌਰ ਵੱਲੋਂ ਨਿਭਾਈ ਗਈ। ਸਮਾਗਮ ਦੌਰਾਨ ਜੇਤੂ ਟੀਮਾਂ ਦੇ ਨਾਲ-ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਅਤੇ ਪਹੁੰਚੇ ਵਿਸ਼ੇਸ਼ ਮਹਿਮਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਜਸਵਿੰਦਰ ਕੌਰ ਮਾਹਲ, ਮੈਂਬਰ ਇੰਚਾਰਜ ਤਰਲੋਚਨ ਸਿੰਘ, ਮੈਂਬਰ ਇੰਚਾਰਜ ਗੁਰਭੇਜ ਸਿੰਘ, ਪ੍ਰਿੰਸੀਪਲ ਮਧੂ ਸਾਵਲ, ਪ੍ਰਭਜੋਤ ਕੌਰ ਅਤੇ ਆਸਟ੍ਰੇਲੀਆ ਤੋਂ ਪਹੁੰਚੇ ਤਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।