ਪੰਜਾਬੀ ਜਾਗਰਣ ਬਿਊਰੋ, ਹੁਸ਼ਿਆਰਪੁਰ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਹੁਣ ਤੱਕ 222 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 187 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 29 ਜਣਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਹੀ ਪੌਜ਼ਿਟਿਵ ਆਏ ਹਨ, ਜਿਨ੍ਹਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੌਜ਼ਿਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੌਜ਼ਿਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।

ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੌਜ਼ਿਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।

Posted By: Jagjit Singh