ਲੋਕਾਂ ਲਈ ਵਰਦਾਨ ਸਾਬਤ ਹੋ ਰਹੇ 84 ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ 84 ਆਮ ਆਦਮੀ ਕਲੀਨਿਕ
Publish Date: Mon, 02 Nov 2026 03:59 PM (IST)
Updated Date: Mon, 02 Nov 2026 04:02 PM (IST)
47 ਤਰ੍ਹਾਂ ਦੇ ਲੈਬਾਰਟਰੀ ਟੈਸਟ ਅਤੇ 107 ਕਿਸਮ ਦੀਆਂ ਦਵਾਈਆਂ ਮੁਫ਼ਤ ਉਪਲਬਧ ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਸ ਸਮੇਂ 84 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਦਕਿ 9 ਹੋਰ ਨਵੇਂ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਜਾਰੀ ਹੈ। ਨਵੇਂ ਕਲੀਨਿਕ ਜੰਡੀ, ਧੂਤ ਕਲਾਂ, ਖੁਣ-ਖੁਣ ਗੋਬਿੰਦਪੁਰ, ਨੰਗਲ ਸ਼ਹੀਦਾਂ, ਨਾਰੂ ਨੰਗਲ, ਪਨਵਾਂ, ਆਲਮਪੁਰ, ਰੁੜਕੀ ਖ਼ਾਸ ਅਤੇ ਟੋਡਰਪੁਰ ਵਿਖੇ ਖੋਲ੍ਹੇ ਜਾਣਗੇ। ਇਨ੍ਹਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿੱਚ ਕਲੀਨਿਕਾਂ ਦੀ ਗਿਣਤੀ 93 ਹੋ ਜਾਵੇਗੀ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਇੱਥੇ ਮਰੀਜ਼ਾਂ ਨੂੰ 47 ਤਰ੍ਹਾਂ ਦੇ ਲੈਬਾਰਟਰੀ ਟੈਸਟ ਅਤੇ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਬੁਖਾਰ, ਖੰਘ, ਜ਼ੁਕਾਮ, ਇਨਫੈਕਸ਼ਨ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਮੇਤ ਕਈ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ। ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਸਿਹਤ ਜਾਂਚ, ਲੈਬ ਟੈਸਟ, ਹੀਮੋਗਲੋਬਿਨ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਸਮੇਤ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਦੀਆਂ ਸਹੂਲਤਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ ਟੀਕਾਕਰਨ, ਪੋਸ਼ਣ ਸਬੰਧੀ ਸਲਾਹ ਅਤੇ ਲੋੜ ਅਨੁਸਾਰ ਮੁਫ਼ਤ ਅਲਟਰਾਸਾਊਂਡ ਦੀ ਸਹੂਲਤ ਦਿੱਤੀ ਜਾਂਦੀ ਹੈ। ਕੁੱਤੇ ਦੇ ਕੱਟਣ ਵਾਲੇ ਮਰੀਜ਼ਾਂ ਲਈ ਐਂਟੀ-ਰੇਬੀਜ਼ ਵੈਕਸੀਨ ਵੀ ਉਪਲਬਧ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਨੋਡਲ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਕਲੀਨਿਕਾਂ ਵਿੱਚ ਮੈਡੀਕਲ ਅਫ਼ਸਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਤਾਇਨਾਤ ਹਨ, ਜੋ ਮਰੀਜ਼ਾਂ ਦੀ ਜਾਂਚ, ਇਲਾਜ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੈਣ ਅਤੇ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਦੀ ਨਿਯਮਤ ਜਾਂਚ ਕਰਵਾਉਣ।