ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Mon, 02 Nov 2026 05:30 PM (IST)
Updated Date: Mon, 02 Nov 2026 05:32 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318ਵੇਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਪੰਜ ਪਿਆਰਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਗਤਕਾ ਅਖਾੜੇ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਦਲਜੀਤ ਸਿੰਘ ਗਿਲਜੀਆਂ, ਜਤਿੰਦਰ ਪਾਲ ਕੰਗ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਸਿੱਧੂ, ਤੀਰਥ ਸਿੰਘ ਵਿਰਦੀ, ਮਾਸਟਰ ਹਰਜਿੰਦਰ ਸਿੰਘ ਵਿਰਦੀ, ਕੁਲਦੀਪ ਸਿੰਘ ਸਿੱਧੂ, ਜਰਨੈਲ ਸਿੰਘ, ਸੁਖਦੇਵ ਸਿੰਘ ਬਾਜਵਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।