- ਡੀਸੀ ਨੂੰ ਵਿਭਾਗਾਂ ਦਾ ਟੀਚਾ ਦੇ ਕੇ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਜ਼ਮੀਨੀ ਪੱਧਰ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸਐੱਸਪੀ ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ।

ਮਾਲ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੇ ਵਿਭਾਗ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪ੍ਰਤੀ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਵਿਭਾਗਾਂ ਨੂੰ ਟੀਚਾ ਦੇ ਕੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕਰਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਤਕ ਦੇ ਬਿਜਲੀ ਦੇ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮਾਫ਼ ਦੀ ਸੁਵਿਧਾ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਪਿੰਡ ਤੋਂ ਲੈ ਕੇ ਮੁਹੱਲਿਆਂ ਤਕ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਉਸ ਦੀ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਜ਼ਿਲ੍ਹ ਦੇ 37316 ਲਾਭਪਾਤਰੀਆਂ ਦਾ 21.67 ਕਰੋੜ ਰੁਪਏ ਦਾ ਬਕਾਇਆ ਬਿਜਲੀ ਦਾ ਬਿੱਲ ਮਾਫ਼ ਹੋਵੇਗਾ, ਜੋ ਕਿ ਲੋਕਾਂ ਨੂੰ ਦਿੱਤੀ ਗਈ ਵੱਡੀ ਰਾਹਤ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ 'ਚ ਝੋਨੇ ਦੀ ਚੱਲ ਰਹੀ ਖ਼ਰੀਦ ਦੀ ਸਮੀਖਿਆ ਕਰਦੇ ਹੋਏ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਕਿਹਾ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਤਕ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ 'ਤੇ ਸਾਰੀਆਂ ਸਬ-ਡਵੀਜ਼ਨਾਂ ਵਿਚ ਸੁਵਿਧਾ ਕੈਂਪ ਲਾਏ ਜਾ ਰਹੇ ਹਨ, ਜਿਥੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਟੀਕਾਕਰਨ ਦੀਆਂ 15,50,280 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ, ਇਸ ਵਿਚ 83 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਅਤੇ 46 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹਾ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਲਗਾਉਣ ਵਿਚ ਸੂਬੇ ਵਿਚ ਦੂਜੇ ਸਥਾਨ 'ਤੇ ਹੈ ਤੇ ਡੇਂਗੂ ਨਾਲ ਨਿਪਟਣ ਲਈ ਪੂਰੇ ਯਤਨ ਜਾਰੀ ਹਨ ਅਤੇ ਸਿਹਤ ਵਿਭਾਗ ਤੇ ਨਗਰ ਨਿਗਮ ਵੱਲੋਂ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨ ਨਗਰ ਨਿਗਮ ਆਸ਼ਿਕਾ ਜੈਨ, ਐੱਸਪੀ (ਡੀ) ਰਵਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।