ਧਰਨਾਕਾਰੀਆਂ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਨੌਜਵਾਨ ਦੀ ਮੌਤ ਹਨੇਰੇ ਵਿੱਚ ਖੜ੍ਹੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਇੱਕ ਨੌਜਵਾਨ ਦੀ ਮੌਤ
Publish Date: Wed, 18 Nov 2026 05:25 PM (IST)
Updated Date: Wed, 18 Nov 2026 05:27 PM (IST)
ਗੰਨਾ ਕਾਸ਼ਤਕਾਰਾਂ ਵੱਲੋਂ ਚੱਕਾ ਜਾਮ ਸਮਾਪਤ, ਰੋਸ ਧਰਨਾ ਜਾਰੀ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਮੰਗਲਵਾਰ ਰਾਤ ਕਰੀਬ ਸਾਢੇ 9 ਵਜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਸੜਕ ’ਤੇ ਹਨੇਰੇ ਵਿੱਚ ਖੜ੍ਹੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਿਤੀਸ਼ ਰਾਣਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਦਗਨ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਸਾਹਿਲ ਕਲਸੀ ਪੁੱਤਰ ਦਿਲਜੀਤ ਕਲਸੀ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਚੱਕਾ ਜਾਮ ਸਮਾਪਤ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਘਟਨਾ ਸਥਾਨ ’ਤੇ ਪਹੁੰਚ ਗਏ। ਉਨ੍ਹਾਂ ਰੋਸ ਜ਼ਾਹਰ ਕਰਦਿਆਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਅਤੇ ਗੰਨਾ ਕਾਸ਼ਤਕਾਰਾਂ ਵੱਲੋਂ 15 ਨਵੰਬਰ ਤੋਂ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਸੀ ਅਤੇ 17 ਨਵੰਬਰ ਨੂੰ ਪਠਾਨਕੋਟ-ਜਲੰਧਰ ਕੌਮੀ ਮਾਰਗ ਦੇ ਇੱਕ ਪਾਸੇ ਚੱਕਾ ਜਾਮ ਕੀਤਾ ਗਿਆ ਸੀ। ਇਸ ਕਾਰਨ ਸੜਕ ’ਤੇ ਸਵੇਰ ਤੋਂ ਹੀ ਟਰੈਕਟਰ-ਟਰਾਲੀਆਂ ਖੜ੍ਹੀਆਂ ਸਨ। ਰਾਤ ਸਮੇਂ ਹਨੇਰਾ ਹੋਣ ਕਾਰਨ ਸੜਕ ’ਤੇ ਖੜ੍ਹੀ ਬਿਨਾਂ ਰਿਫਲੈਕਟਰਾਂ ਤੋਂ ਟਰਾਲੀ ਮੋਟਰ ਸਾਈਕਲ ਸਵਾਰਾਂ ਨੂੰ ਦਿਖਾਈ ਨਹੀਂ ਦਿੱਤੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸੜਕ ’ਤੇ ਖੜ੍ਹੀਆਂ ਸਾਰੀਆਂ ਟਰੈਕਟਰ-ਟਰਾਲੀਆਂ ਨੂੰ ਤੁਰੰਤ ਹਟਾਉਣ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ, ਜਿਸ ਮਗਰੋਂ ਗੰਨਾ ਕਾਸ਼ਤਕਾਰਾਂ ਦਾ ਚੱਕਾ ਜਾਮ ਸਮਾਪਤ ਕਰਵਾ ਦਿੱਤਾ ਗਿਆ। ਇਸ ਉਪਰੰਤ ਪੁਲਿਸ ਪ੍ਰਸ਼ਾਸਨ ਵੱਲੋਂ ਕੌਮੀ ਮਾਰਗ ’ਤੇ ਖੜ੍ਹੀਆਂ ਟਰੈਕਟਰ-ਟਰਾਲੀਆਂ ਨੂੰ ਸੜਕ ਤੋਂ ਕਿਨਾਰੇ ਕਰਵਾਇਆ ਗਿਆ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਰੋਸ ਧਰਨਾ ਜਾਰੀ ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਰੋਸ ਧਰਨਾ ਕੱਲ ਚੌਥੇ ਦਿਨ ਵੀ ਜਾਰੀ ਹੈ। ਖ਼ਬਰ ਲਿਖੇ ਜਾਣ ਤੱਕ ਧਰਨੇ ਵਿੱਚ ਵੱਡੀ ਗਿਣਤੀ ਕਿਸਾਨਾਂ ਦੇ ਨਾਲ ਮਹਿਲਾ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਹੈ ਅਤੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਦੀ ਤੁਰੰਤ ਪੂਰਤੀ ਦੀ ਅਪੀਲ ਕੀਤੀ ਜਾ ਰਹੀ ਹੈ।