ਸਵੈ-ਗਣਨਾ ਦੇ ਨਾਂ ’ਤੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਪ੍ਰਸ਼ਾਸਨ
ਸਵੈ-ਗਣਨਾ ਦੇ ਨਾਂ ’ਤੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਪ੍ਰਸ਼ਾਸਨ: ਸਾਂਝਾ ਅਧਿਆਪਕ ਮੋਰਚਾ
Publish Date: Fri, 27 Nov 2026 03:46 PM (IST)
Updated Date: Fri, 27 Nov 2026 03:46 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ: ਸਵੈ-ਗਣਨਾ ਦੇ ਨਾਂ ’ਤੇ ਅਧਿਆਪਕਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਸਾਂਝੇ ਅਧਿਆਪਕ ਮੋਰਚੇ ਦੀ ਹੰਗਾਮੀ ਮੀਟਿੰਗ ਅੱਡਾ ਝੁੰਗੀਆਂ ਬੀਤ ਵਿਖੇ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਗੜ੍ਹਸ਼ੰਕਰ ਤਹਿਸੀਲ ਦਫ਼ਤਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਗਣਨਾ ਡਿਊਟੀ ’ਤੇ ਤਾਇਨਾਤ ਅਧਿਆਪਕਾਂ ’ਤੇ ਸਵੈ-ਗਣਨਾ ਕਰਵਾਉਣ ਲਈ ਬੇਲੋੜਾ ਦਬਾਅ ਪਾਇਆ ਜਾ ਰਿਹਾ ਹੈ, ਜਦਕਿ ਗਿਣਤੀਕਾਰਾਂ ਦੀ ਅਸਲ ਡਿਊਟੀ 1 ਦਸੰਬਰ ਤੋਂ ਸ਼ੁਰੂ ਹੋਣੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਅਸ਼ਵਨੀ ਰਾਣਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਰੋਜ਼ ਨਵੇਂ ਫ਼ਰਮਾਨ ਜਾਰੀ ਕਰਕੇ ਅਧਿਆਪਕਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡੀਟੀਐੱਫ ਆਗੂ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਅਧਿਆਪਕਾਂ ਦੀਆਂ ਸਮੱਸਿਆਵਾਂ ਪਹਿਲਾਂ ਵੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ, ਪਰ ਕੋਈ ਹੱਲ ਨਹੀਂ ਹੋਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸੋਮਵਾਰ ਨੂੰ ਤਹਿਸੀਲ ਕੰਪਲੈਕਸ ਗੜ੍ਹਸ਼ੰਕਰ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।