- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਛੜੀਆਂ ਸ੍ਰੇਣੀਆਂ ਦੇ ਹਰ ਯੋਗ ਵਿਅਕਤੀ ਤੱਕ ਪਹੁੰਚੇ ਸਰਕਾਰੀ ਯੋਜਨਾਵਾਂ ਦਾ ਲਾਭ : ਮਲਕੀਤ ਥਿੰਦ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉਤਥਾਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਚੇਅਰਮੈਨ ਮਲਕੀਤ ਥਿੰਦ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਉਦੇਸ਼ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀਸੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਯੋਗਤਾ ਅਨੁਸਾਰ ਯੋਜਨਾਵਾਂ ਦਾ ਲਾਭ ਦਿਵਾਉਣ ਵਿੱਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।
ਮੀਟਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਪੱਛੜੀਆਂ ਸ਼੍ਰੇਣੀਆਂ ਲਈ ਲਾਗੂ ਕੀਤੀਆਂ ਯੋਜਨਾਵਾਂ ਤਹਿਤ ਦਿੱਤੇ ਗਏ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਪਲਬੱਧ ਅੰਕੜਿਆਂ ਦੇ ਆਧਾਰ ’ਤੇ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਯੋਜਨਾਵਾਂ ਦੇ ਲਾਗੂ ਕਰਨ ਵਿੱਚ ਸਾਹਮਣੇ ਆਈਆਂ ਕਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣ ਕੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਕਮਿਸ਼ਨ ਦੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਸਾਰੀਆਂ ਭਲਾਈ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਐੱਸਪੀ ਨਵਨੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਹਰਪ੍ਰੀਤ ਸਿੰਘ, ਚੇਅਰਮੈਨ ਸੈਣੀ ਵੈੱਲਫੇਅਰ ਕਮੇਟੀ ਚੱਬੇਵਾਲ ਗੁਰਮੀਤ ਸਿੰਘ ਸੈਣੀ, ਚੇਅਰਮੈਨ ਸੈਣੀ ਵੈੱਲਫੇਅਰ ਕਮੇਟੀ ਹੁਸ਼ਿਆਰਪੁਰ ਨਰਿੰਦਰ ਸਿੰਘ, ਬਲਾਕ ਕਮੇਟੀ ਮੈਂਬਰ ਟਾਂਡਾ ਕਮਲਜੀਤ ਸਿੰਘ, ਪਰਮਜੀਤ ਸਿੰਘ ਦਸੂਹਾ, ਹਰਜੀਤ ਕੁਮਾਰ, ਹਰਮਨ ਸਿੰਘ, ਪ੍ਰਦੀਪ ਕੁਮਾਰ, ਲਵਲੀ, ਮਨੀ ਨਾਰੂ ਨੰਗਲ, ਗੁਰਨਾਮ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਪੱਛੜੀਆਂ ਸ਼੍ਰੇਣੀਆਂ ਸਮਾਜ ਦੇ ਵੱਡੀ ਗਿਣਤੀ ਵਿੱਚ ਨੁਮਾਇੰਦੇ ਮੌਜੂਦ ਸਨ।