ਰੋਲ ਆਬਜ਼ਰਵਰ ਨੇ ਐੱਸਆਈਆਰ ਪ੍ਰਕਿਰਿਆ ਦੀ ਕੀਤੀ ਸਮੀਖਿਆ ਰੋਲ ਅਬਜ਼ਰਵਰ ਨੇ ਐਸ.ਆਈ.ਆਰ. ਪ੍ਰਕਿਰਿਆ ਦੀ ਕੀਤੀ ਸਮੀਖਿਆ
Publish Date: Tue, 08 Sep 2026 06:34 PM (IST)
Updated Date: Tue, 08 Sep 2026 06:34 PM (IST)
- ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ’ਚ ਦਰਜ ਹੋਣੋਂ ਵਾਂਝਾ ਨਾ ਰਹੇ : ਮਾਂਗਟ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਦੀ ਜ਼ਿਲ੍ਹੇ ਵਿਚ ਸਮੀਖਿਆ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਨਿਯੁਕਤ ਕੀਤੇ ਰੋਲ ਆਬਜ਼ਰਵਰ ਪੰਜਾਬ ਦੇ ਸੀਨੀਅਰ ਆਈਏਐੱਸ ਅਧਿਕਾਰੀ ਅਤੇ ਸਕੱਤਰ ਲੋਕਪਾਲ ਡੀਐੱਸ ਮਾਂਗਟ ਨੇ ਇੱਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਐੱਸਆਈਆਰ ਲਈ ਤਾਇਨਾਤ ਅਮਲੇ ਨਾਲ ਗੱਲਬਾਤ ਕਰ ਕੇ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਲ ਆਬਜ਼ਰਵਰ ਡੀਐੱਸ ਮਾਂਗਟ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਕਮਿਸ਼ਨਰ, ਐੱਸਡੀਐੱਮਜ਼-ਕਮ-ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਸੈਕਟਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਤਾਕੀਦ ਕੀਤੀ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਡਰਾਫਟ ਵੋਟਰ ਸੂਚੀ ਵਿਚ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਕਿਸੇ ਕਾਰਨ ਨਹੀਂ ਆਇਆ ਤਾਂ ਉਹ ਸਬੰਧਿਤ ਅਧਿਕਾਰੀਆਂ ਕੋਲ 12 ਸਤੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀ ਵੋਟ ਯਕੀਨੀ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਐੱਸਆਈਆਰ ਜਾਂ ਵੋਟ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਚੋਣ ਦਫ਼ਤਰ ਨਾਲ ਤੁਰੰਤ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਖੁਦ ਸੁਣਵਾਈ ਲਈ ਹਾਜ਼ਰ ਹੋਣ ਦੇ ਸਮਰੱਥ ਨਹੀਂ ਹੈ ਤਾਂ ਉਹ ਅਧਿਕਾਰਤ ਪੱਤਰ ਰਾਹੀਂ ਆਪਣੇ ਪ੍ਰਤੀਨਿਧੀ ਨੂੰ ਨਿਯੁਕਤ ਕਰ ਸਕਦਾ ਹੈ। ਇਸ ਮੌਕੇ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਸ਼ਰਮਾ, ਸੀਪੀਆਈ (ਐੱਮ) ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਪ੍ਰੇਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਡਾ. ਸ਼ਿਵਾਨੀ ਅਰੋੜਾ, ਭਾਜਪਾ ਤੋਂ ਡੀਐੱਸ ਬਾਗੀ, ਆਮ ਆਦਮੀ ਪਾਰਟੀ ਤੋਂ ਹਰਦੀਪ ਸਿੰਘ ਧਾਮੀ ਅਤੇ ਡਾ. ਪੰਕਜ ਸ਼ਿਵ ਸ਼ਾਮਲ ਸਨ, ਨਾਲ ਜ਼ਿਲ੍ਹੇ ਵਿਚ ਚੱਲ ਰਹੀ ਐੱਸਆਈਆਰ ਪ੍ਰਕਿਰਿਆ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਮੂਹ ਐੱਸਡੀਐੱਮਜ਼਼, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।