- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ: ਰਾਕੇਸ਼ ਕੁਮਾਰ ਮੀਣਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਅਟਲ ਵਯੋ ਅਭਿਉਦਯ ਯੋਜਨਾ ਅਧੀਨ ਜ਼ਿਲ੍ਹੇ ਵਿੱਚ ਸੀਨੀਅਰ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ, ਆਰਥਿਕ ਸਸ਼ਕਤੀਕਰਨ ਅਤੇ ਜਾਗਰੂਕਤਾ ਨਾਲ ਸਬੰਧਿਤ ਵੱਖ-ਵੱਖ ਸਰਗਰਮੀਆਂ ਕਰਵਾਉਣ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦੇ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਆਰਥਿਕ ਅਤੇ ਰਚਨਾਤਮਕ ਸਰਗਰਮੀਆਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਸਰਗਰਮੀਆਂ ਕਰਵਾਈਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਲਗਾਏ ਜਾਣ ਵਾਲੇ ਸਿਹਤ ਕੈਂਪਾਂ ਦੌਰਾਨ ਸੀਨੀਅਰ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਲਈ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਪਲਬਧ ਕਾਨੂੰਨੀ ਸੇਵਾਵਾਂ, ਡਿਜੀਟਲ ਤਕਨੀਕ ਦੀ ਸੁਰੱਖਿਅਤ ਵਰਤੋਂ ਅਤੇ ਵਿੱਤੀ ਲੈਣ-ਦੇਣ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਲਈ ਡਿਜੀਟਲ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਕਰਵਾਉਣ ਬਾਰੇ ਵੀ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ ਨੇ ਕਿਹਾ ਕਿ ਉਨ੍ਹਾਂ ਦੇ ਸਨਮਾਨਜਨਕ ਅਤੇ ਸਿਹਤਮੰਦ ਜੀਵਨ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜ਼ਿਲ੍ਹਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।