ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਵੱਲੋਂ ਸ਼ਹਿਰ ਦੇ ਨਿਰਮਾਣ ਕਾਰਜਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਹੁਸ਼ਿਆਰਪੁਰ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਸ਼ੁੱਕਰਵਾਰ 1 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਐੱਸਡੀਐੱਮ ਦਫ਼ਤਰ ਤੋਂ ਪ੍ਰਭਾਤ ਚੌਕ ਤਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿਛਲੇ ਦਿਨਾਂ ਹੋਈ ਬਰਸਾਤ ਕਾਰਨ ਸੜਕ ਨਿਰਮਾਣ ਕੰਮਾਂ 'ਚ ਦੇਰੀ ਹੋਈ ਸੀ, ਹੁਣ ਮੌਸਮ ਠੀਕ ਹੋਣ ਤੋਂ ਬਾਅਦ ਸੜਕ ਨਿਰਮਾਣ ਕਾਰਜ ਪਹਿਲ ਦੇ ਆਧਾਰ 'ਤੇ ਸ਼ੁਰੂ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਦੋ ਮਹੀਨਿਆਂ ਦੇ ਅੰਦਰ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਿਰਮਾਣ ਕਾਰਜ ਪੂਰਾ ਕਰ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨਾਲ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ ਰਾਮਗੜ੍ਹੀਆ ਤੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਨਿਰਮਾਣ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਨੂੰ ਗੁਣਵੱਤਾ ਪੱਖੋਂ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰੱਖਣ ਦੀ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੈਂਡਰ 'ਚ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ ਕਿ ਸੜਕ ਨਿਰਮਾਣ ਤੋਂ ਬਾਅਦ 3 ਤੋਂ 5 ਸਾਲ ਤਕ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਸਬੰਧਤ ਠੇਕੇਦਾਰ ਦੀ ਹੋਵੇਗੀ। ਅਰੋੜਾ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਨਿਰਮਾਣ ਕਾਰਜਾਂ 'ਚ ਨਾ ਤਾਂ ਦੇਰੀ ਬਰਦਾਸ਼ਤ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ।

ਕੈਬਨਿਟ ਮੰਤਰੀ ਨੇ ਅੱਗੇ ਆਖਿਆ ਕਿ ਇਸ ਦੇ ਨਾਲ ਹੀ ਸ਼ਹਿਰ ਦੇ ਮੁਹੱਲਾ ਕੱਚਾ ਕੁਆਰਟਰ ਤੋਂ ਲੈ ਕੇ ਪ੍ਰਭਾਤ ਚੌਕ ਤਕ ਪਾਈਪ ਪਾਉਣ ਦੇ ਕੰਮਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ, ਤਾਂ ਕਿ ਬਰਸਾਤ ਦੌਰਾਨ ਇੱਥੇ ਇਕੱਠੇ ਹੋਣ ਵਾਲੇ ਪਾਣੀ ਦੀ ਸਹੀ ਤਰ੍ਹਾਂ ਨਾਲ ਨਿਕਾਸੀ ਹੋ ਸਕੇ ਅਤੇ ਸਥਾਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਹੁ-ਪੱਖੀ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਤਕ ਵਿਕਾਸ ਕੰਮ ਲਗਾਤਾਰ ਚਲਦੇ ਰਹਿਣਗੇ।

ਇਸ ਮੌਕੇ ਕੌਂਸਲਰ ਰੰਜੀਤਾ ਚੌਧਰੀ, ਸਾਬਕਾ ਕੌਂਸਲਰ ਖਰੈਤੀ ਲਾਲ ਕਤਨਾ, ਸ਼ਾਦੀ ਲਾਲ, ਸੁਨੀਸ਼ ਜੈਨ, ਗੁਲਸ਼ਨ ਰਾਏ, ਗੁਰਦੀਪ ਕਟੋਚ, ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਗੋਤਰਾ, ਗੁਰਮੀਤ ਸਿੰਘ, ਠੇਕੇਦਾਰ ਰਾਜੀਵ ਅਗਰਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।