ਕਾਰੋਬਾਰੀ ਨਾਲ ਕੁੱਟਮਾਰ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਮੁਕੇਰੀਆਂ ਥਾਣੇ ਦਾ ਘਿਰਾਓ ਕਾਂਗਰਸੀਆਂ ਅਤੇ ਵਪਾਰੀ ਵਰਗ ਵੱਲੋਂ ਕੁੱਟਮਾਰ ਨੂੰ ਲੈ ਕੇ ਥਾਣੇ ਦਾ ਘਰਾਓ
Publish Date: Wed, 26 Aug 2026 06:25 PM (IST)
Updated Date: Wed, 26 Aug 2026 06:28 PM (IST)
- ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ; ਪੁਲਿਸ ਵੱਲੋਂ 2 ਦਿਨਾਂ ਅੰਦਰ ਕਾਰਵਾਈ ਦਾ ਭਰੋਸਾ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਬੀਤੇ ਦਿਨੀਂ ਕਾਰੋਬਾਰੀ ਸੌਰਵ ਜੈਨ ਨਾਲ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਪੀੜਤ ਦੇ ਪਰਿਵਾਰਕ ਮੈਂਬਰਾਂ ਦੀ ਅਗਵਾਈ ਹੇਠ ਸਥਾਨਕ ਸਿਆਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਗਠਨਾਂ, ਵਪਾਰੀ ਵਰਗ ਅਤੇ ਸ਼ਹਿਰ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣਾ ਮੁਕੇਰੀਆਂ ਦਾ ਘਿਰਾਓ ਕਰਦਿਆਂ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੌਰਾਨ ਪੀੜਤ ਦੇ ਚਾਚਾ ਰਾਜੇਸ਼ ਜੈਨ, ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਕੁੱਟਮਾਰ, ਧੱਕੇਸ਼ਾਹੀ ਜਾਂ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਇਲਾਕੇ ਦੇ ਸ਼ਾਂਤਮਈ ਮਾਹੌਲ ’ਤੇ ਵੀ ਮਾੜਾ ਅਸਰ ਪੈਂਦਾ ਹੈ। ਬੁਲਾਰਿਆਂ ਨੇ ਕਿਹਾ ਕਿ ਮੁਕੇਰੀਆਂ ਇਲਾਕਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸ਼ਾਂਤੀ ਲਈ ਜਾਣਿਆ ਜਾਂਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਲੋਕਾਂ ਦੇ ਮਨਾਂ ਵਿੱਚ ਅਸੁਰੱਖਿਆ ਪੈਦਾ ਕਰਦੀਆਂ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰ ਕੇ ਕਥਿਤ ਤੌਰ ’ਤੇ ਘਟਨਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਹੋਣ ਨਾਲ ਨਾ ਸਿਰਫ਼ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ, ਸਗੋਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਸਖ਼ਤ ਸੰਦੇਸ਼ ਜਾਵੇਗਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਕਿ ਮਾਮਲੇ ਵਿੱਚ ਅਗਲੇ ਦੋ ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਸਾਬਕਾ ਵਿਧਾਇਕਾ ਬੀਬੀ ਇੰਦੂ ਬਾਲਾ, ਅਮਰਜੀਤ ਸਿੰਘ ਢਾਡੇਕਟਵਾਲ, ਅਜੀਤ ਨਾਰੰਗ, ਵਿਜੇ ਨਾਰੰਗ, ਵਿਜੇ ਜੈਨ ਬੱਗਾ, ਬਿੱਟੂ ਵਾਲੀਆ, ਮੁਨੀਸ਼ ਜੈਨ, ਪਵਨ ਸ਼ਰਮਾ, ਮਾਸਟਰ ਰਾਮੇਸ਼ ਚੰਦਰ, ਵਰਜਿੰਦਰ ਅਗਰਵਾਲ, ਸੰਜੀਵ ਆਨੰਦ, ਮੰਗਲੇਸ਼ ਕੁਮਾਰ ਜੱਜ, ਪੰਮਾ ਪਹਿਲਵਾਨ, ਤਰਸੇਮ ਮਿਨਹਾਸ, ਪ੍ਰਦੀਪ ਪਲਾਹਾ, ਕੰਵਰ ਰਾਕੇਸ਼ ਸਿੰਘ, ਸੁਮਿਤ ਡਡਵਾਲ, ਨੀਰਜ ਜੈਨ, ਸੱਭਿਆ ਸਾਂਚੀ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਰੋਸ ਮੁਜ਼ਾਹਿਰੇ ਵਿੱਚ ਸ਼ਮੂਲੀਅਤ ਕੀਤੀ।