ਬਿਜਲੀ ਬਿੱਲ ਨਾ ਭਰਨ ਕਾਰਨ ਹੁਸ਼ਿਆਰਪੁਰ ਡਰਾਈਵਿੰਗ ਟੈਸਟ ਸੈਂਟਰ ਦਾ ਕੁਨੈਕਸ਼ਨ ਕੱਟਿਆ ਬਿਜਲੀ ਬਿੱਲ ਨਾ ਭਰਨ ਕਾਰਨ ਹੁਸ਼ਿਆਰਪੁਰ ਡਰਾਈਵਿੰਗ ਟੈਸਟ ਸੈਂਟਰ ਦਾ ਕੁਨੈਕਸ਼ਨ ਕੱਟਿਆ,
Publish Date: Thu, 26 Nov 2026 05:43 PM (IST)
Updated Date: Thu, 26 Nov 2026 05:43 PM (IST)
ਲੋਕਾਂ ਨੇ ਲਾਇਆ ਜਾਮ, ਠੱਪ ਰਿਹਾ ਕੰਮਕਾਜ, ਬਿੱਲ ਭਰ ਕੇ ਬਹਾਲ ਕਰਵਾਈ ਸਪਲਾਈ ਦੀਪਕ ਅਗਨੀਹੋਤਰੀ ਪੰਜਾਬੀ ਜਾਗਰਣ ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਟਾਂਡਾ ਮਾਰਗ ਤੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਬਿਜਲੀ ਦਾ ਬਿੱਲ ਜਮ੍ਹਾਂ ਨਾ ਕਰਵਾਉਣ ਕਾਰਨ ਪਾਵਰਕਾਮ ਵੱਲੋਂ ਬਿਜਲੀ ਕੁਨੈਕਸ਼ਨ ਦਿੱਤਾ ਗਿਆ ਹੈ। ਬਿਜਲੀ ਸਪਲਾਈ ਬੰਦ ਹੋਣ ਕਾਰਨ ਸੈਂਟਰ ਵਿੱਚ ਡਰਾਈਵਿੰਗ ਲਾਇਸੈਂਸ ਬਣਵਾਉਣ ਅਤੇ ਡਰਾਈਵਿੰਗ ਟੈਸਟ ਦੇਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਘੰਟਿਆਂ ਤੱਕ ਕੰਮ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਬਿਨੈਕਾਰਾਂ ਨੇ ਹੁਸ਼ਿਆਰਪੁਰ-ਟਾਂਡਾ ਮੁੱਖ ਮਾਰਗ ਤੇ ਜਾਮ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਬਕਾਇਆ ਬਿੱਲ ਦੀ ਅਦਾਇਗੀ ਕਰਕੇ ਬਿਜਲੀ ਸਪਲਾਈ ਮੁੜ ਚਾਲੂ ਕਰਵਾ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਂਟਰ ਦਾ ਇੱਕ ਲੱਖ 15 ਹਜ਼ਾਰ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਬਕਾਇਆ ਪਿਆ ਸੀ, ਜਿਸ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕਾਮ ਵੱਲੋਂ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ। ਇਸ ਕਾਰਨ ਸਵੇਰ ਤੋਂ ਹੀ ਸੈਂਟਰ ਦਾ ਸਮੁੱਚਾ ਕੰਮਕਾਜ ਪ੍ਰਭਾਵਿਤ ਰਿਹਾ। ਡਰਾਈਵਿੰਗ ਲਾਇਸੈਂਸ ਅਤੇ ਹੋਰ ਦਸਤਾਵੇਜ਼ੀ ਕਾਰਵਾਈਆਂ ਲਈ ਪਹਿਲਾਂ ਤੋਂ ਸਮਾਂ ਲੈ ਕੇ ਆਏ ਲੋਕਾਂ ਨੂੰ ਜਦੋਂ ਪਤਾ ਲੱਗਾ ਕਿ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਦੇ ਕੰਮ ਨਹੀਂ ਹੋ ਸਕਦੇ ਤਾਂ ਉਨ੍ਹਾਂ ਵਿੱਚ ਰੋਸ ਪੈਦਾ ਹੋ ਗਿਆ। ਕਈ ਬਿਨੈਕਾਰ ਦੂਰ-ਦੁਰਾਡੇ ਦੇ ਪਿੰਡਾਂ ਅਤੇ ਕਸਬਿਆਂ ਤੋਂ ਸੈਂਟਰ ਵਿੱਚ ਪਹੁੰਚੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਆਪਣੇ ਰੋਜ਼ਾਨਾ ਦੇ ਕੰਮ ਛੱਡ ਕੇ ਅਤੇ ਆਉਣ-ਜਾਣ ਦਾ ਖਰਚਾ ਕਰਕੇ ਇੱਥੇ ਪਹੁੰਚੇ ਹਨ ਪਰ ਸੈਂਟਰ ਵਿੱਚ ਬਿਜਲੀ ਦਾ ਬਿੱਲ ਨਾ ਭਰਨ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਜਾਣ ਦੀ ਨੌਬਤ ਆ ਗਈ ਹੈ। ਲੋਕਾਂ ਨੇ ਇਸ ਨੂੰ ਪ੍ਰਸ਼ਾਸਨਿਕ ਲਾਪਰਵਾਹੀ ਕਰਾਰ ਦਿੰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਬਿਜਲੀ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਉਨ੍ਹਾਂ ਦੀ ਖੱਜਲ-ਖੁਆਰੀ ਹੋਰ ਵਧ ਗਈ ਹੈ। ਇਸ ਦੌਰਾਨ ਗੁੱਸੇ ਵਿੱਚ ਆਏ ਲੋਕਾਂ ਨੇ ਹੁਸ਼ਿਆਰਪੁਰ-ਟਾਂਡਾ ਮੁੱਖ ਮਾਰਗ ਤੇ ਜਾਮ ਲਗਾ ਦਿੱਤਾ। ਜਾਮ ਦੀ ਸੂਚਨਾ ਮਿਲਦਿਆਂ ਹੀ ਟ੍ਰੈਫਿਕ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਪੁਲਿਸ ਨੇ ਸੜਕ ਤੇ ਆਵਾਜਾਈ ਨੂੰ ਮੁੜ ਸੁਚਾਰੂ ਕਰਵਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਰ.ਟੀ.ਏ. ਦਫ਼ਤਰ ਦੇ ਕਲਰਕ ਕੁਲਦੀਪ ਸਿੰਘ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਬਕਾਇਆ ਬਿਜਲੀ ਬਿੱਲ ਦੀ ਅਦਾਇਗੀ ਕਰਵਾਈ ਗਈ। ਇਸ ਤੋਂ ਬਾਅਦ ਪਾਵਰਕਾਮ ਵੱਲੋਂ ਸੈਂਟਰ ਦਾ ਬਿਜਲੀ ਕੁਨੈਕਸ਼ਨ ਮੁੜ ਜੋੜ ਕੇ ਸਪਲਾਈ ਬਹਾਲ ਕਰ ਦਿੱਤੀ ਗਈ। ਬਿਜਲੀ ਸਪਲਾਈ ਸ਼ੁਰੂ ਹੋਣ ਨਾਲ ਸੈਂਟਰ ਦਾ ਕੰਮਕਾਜ ਮੁੜ ਚਾਲੂ ਹੋਣ ਦਾ ਰਾਹ ਪੱਧਰਾ ਹੋਇਆ। ਇਸ ਮੌਕੇ ਅਧਿਕਾਰੀਆਂ ਨੇ ਸੈਂਟਰ ਵਿੱਚ ਮੌਜੂਦ ਸਾਰੇ ਬਿਨੈਕਾਰਾਂ ਨੂੰ ਭਰੋਸਾ ਦਿਵਾਇਆ ਕਿ ਜਿਹੜੇ ਲੋਕ ਅੱਜ ਆਪਣੇ ਲਾਇਸੈਂਸ ਅਤੇ ਡਰਾਈਵਿੰਗ ਟੈਸਟ ਸਬੰਧੀ ਕੰਮ ਕਰਵਾਉਣ ਲਈ ਪਹੁੰਚੇ ਹਨ, ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਿਨਾਂ ਕੰਮ ਕਰਵਾਏ ਵਾਪਸ ਨਹੀਂ ਜਾਣ ਦਿੱਤਾ ਜਾਵੇਗਾ। ਲੋੜ ਪੈਣ ਤੇ ਕੰਮਕਾਜ ਸ਼ਾਮ 7 ਵਜੇ ਤੱਕ ਜਾਰੀ ਰੱਖਿਆ ਜਾਵੇਗਾ ਤਾਂ ਜੋ ਸਾਰੇ ਬਿਨੈਕਾਰਾਂ ਦੇ ਕੰਮ ਮੁਕੰਮਲ ਕੀਤੇ ਜਾ ਸਕਣ।