ਦਲਿਤ ਜਥੇਬੰਦੀਆਂ ਨੇ ਹੁਸ਼ਿਆਰਪੁਰ ’ਚ ਮੁੱਖ ਮੰਤਰੀ ਦਾ ਫੂਕਿਆ ਪੁਤਲਾ ਦਲਿਤ ਜਥੇਬੰਦੀਆਂ ਨੇ ਹੁਸ਼ਿਆਰਪੁਰ 'ਚ ਮੁੱਖ ਮੰਤਰੀ ਦਾ ਫੂਕਿਆ ਪੁਤਲਾ
Publish Date: Fri, 11 Sep 2026 06:04 PM (IST)
Updated Date: Fri, 11 Sep 2026 06:04 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਲੁਧਿਆਣਾ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਅਤੇ ਬੇਅਦਬੀ ਦੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਭਾਰੀ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸੇ ਤਹਿਤ ਬੀਤੇ ਦਿਨੀਂ ਹੁਸ਼ਿਆਰਪੁਰ ਅਤੇ ਜਲੰਧਰ ਬੰਦ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਇਸ ਦੌਰਾਨ ਆਗੂ ਅਨਿਲ ਬਾਹਗਾ ਅਤੇ ਮਨੋਜ ਕੈਨੇਡੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਬੇਅਦਬੀ ਅਤੇ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਕਾਰ ਦੀ ਕਾਰਜਪ੍ਰਣਾਲੀ ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਬਾਬਾ ਸਾਹਿਬ ਅੰਬੇਡਕਰ ਕਰੋੜਾਂ ਲੋਕਾਂ ਦੇ ਸਤਿਕਾਰ ਅਤੇ ਪ੍ਰੇਰਨਾ ਦੇ ਸਰੋਤ ਹਨ, ਅਤੇ ਉਨ੍ਹਾਂ ਦੀ ਮੂਰਤੀ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਦੋਸ਼ੀਆਂ ਨੂੰ ਫੜਨ ਵਿੱਚ ਨਾਕਾਮ ਰਹਿੰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਲਾਰੈਂਸ ਚੌਧਰੀ, ਕਰਨਜੀਤ ਆਦੀਆ, ਮਨੋਜ ਕੈਨੇਡੀ, ਬਿੰਦਰ ਸਰੋਆ, ਆਕਾਸ਼ ਹੀਰ, ਗੁਰਦੀਪ ਕਟੋਚ, ਅਸ਼ੋਕ ਸੱਲਣ, ਹੈਪੀ ਪੰਜਾਬ ਪ੍ਰਧਾਨ, ਸ਼ਮੀ ਸਰੋਆ, ਬਿਕਰਮਜੀਤ ਬੰਟੀ, ਸ਼ਾਂਤ ਹੀਰ, ਰਾਜੂ ਮਹਿਲਾਵਾਲੀ ਸਮੇਤ ਵੱਡੀ ਗਿਣਤੀ ਵਿਚ ਦਲਿਤ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।