ਨਗਰ ਨਿਗਮ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਨਗਰ ਨਿਗਮ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
Publish Date: Thu, 24 Sep 2026 04:55 PM (IST)
Updated Date: Thu, 24 Sep 2026 04:57 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਨਗਰ ਨਿਗਮ ਦਫ਼ਤਰ ਵਿਚ ਹੋ ਰਹੀ ਨਵੀਂ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਉਸ ਵੇਲੇ ਤਗੜਾ ਹੰਗਾਮਾ ਹੋ ਗਿਆ, ਜਦੋਂ ਹਾਊਸ ਦੀ ਮੀਟਿੰਗ ਦੌਰਾਨ ਆਊਟਸੋਰਸ ’ਤੇ ਤਾਇਨਾਤ ਮੁਲਾਜ਼ਮਾਂ ਵੱਲੋਂ ਤਨਖਾਹਾਂ ਵਿੱਚ ਵਾਧਾ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਮੇਅਰ ਹਾਊਸ/ਕਾਰਪੋਰੇਸ਼ਨ ਦਫ਼ਤਰ ਦੇ ਬਾਹਰ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਅਤੇ ਮਰਨ ਵਰਤ ’ਤੇ ਬੈਠੇ ਸਨ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜਿਸ ਤਰ੍ਹਾਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਤਨਖਾਹ ਵਾਧੇ (20,500 ਰੁਪਏ) ਦਾ ਨੋਟੀਫਿਕੇਸ਼ਨ ਲਾਗੂ ਕੀਤਾ ਗਿਆ ਹੈ, ਉਹੀ ਚਿੱਠੀ ਉਨ੍ਹਾਂ ’ਤੇ ਵੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਤੱਕ ਸਿਵਾਏ ਲਾਰਿਆਂ ਦੇ ਕੁੱਝ ਵੀ ਹਾਸਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਪਹਿਲੀ ਮੀਟਿਗ ਦੌਰਾਨ ਹੀ ਸੰਘਰਸ਼ ਦਾ ਵਗਲ ਵਜਾਉਣਾ ਪਿਆ। ਮੁਲਾਜ਼ਮ ਆਗੂ ਨੇ ਦੋਸ਼ ਲਾਇਆ ਕਿ ਇਸ ਆਸ ’ਤੇ ਉਨ੍ਹਾਂ ਨੇ ਆਪਣਾ ਮਰਨ ਵਰਤ ਖ਼ਤਮ ਕੀਤਾ ਸੀ, ਪਰ ਅੱਜ ਹੋਈ ਹਾਊਸ ਦੀ ਮੀਟਿੰਗ ਦੇ ਏਜੰਡੇ ਵਿੱਚੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡੀਸੀ ਰੇਟ ਲਾਗੂ ਹੋਣ ਦੇ ਬਾਵਜੂਦ ਇੱਕ ਕੈਟਾਗਰੀ (ਡੀ ਕੈਟਾਗਰੀ) ਦੇ ਸਫ਼ਾਈ ਸੇਵਕਾਂ ਨੂੰ 20,500 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ, ਜਦਕਿ 439 ਦੇ ਕਰੀਬ ਆਊਟਸੋਰਸ ਮੁਲਾਜ਼ਮਾਂ ਜੋ 25-25 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ ਨੂੰ ਅਜੇ ਵੀ 12,500 ਰੁਪਏ ’ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਹਲਕਾ ਵਿਧਾਇਕ ਨੇ ਮੀਟਿੰਗ ਦੌਰਾਨ ਉਨ੍ਹਾਂ ਦੀ ਗੱਲ ਸੁਣੀ ਹੈ ਅਤੇ ਸਰਕਾਰ ਤੱਕ ਮੰਗਾਂ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ, ਪਰ ਹਾਊਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਇਸ ਵਾਧੇ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹਨ। ਇਸ ਮੌਕੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਹੀ ਤਨਖ਼ਾਹ ਮਿਲੇਗੀ। ਆਊਟਸੋਰਸ ਮੁਲਾਜ਼ਮਾਂ ਨੂੰ ਭਰੋਸਾ ਰੱਖਣਾ ਚਾਹੀਦਾ ਹੈ।