ਡੀਸੀ ਦਫ਼ਤਰਾਂ ’ਚ ਅੱਜ ਤੋਂ ਕਲਮਛੋੜ ਹੜਤਾਲ ਸ਼ੁਰੂ ਡੀ.ਸੀ. ਦਫ਼ਤਰਾਂ ਵਿੱਚ ਅੱਜ ਤੋਂ ਕਲਮਛੋੜ ਹੜਤਾਲ ਸ਼ੁਰੂ
Publish Date: Tue, 06 Oct 2026 06:59 PM (IST)
Updated Date: Tue, 06 Oct 2026 07:02 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਡੀਸੀ ਦਫ਼ਤਰ ਦੇ ਕਰਮਚਾਰੀਆਂ ਨਾਲ ਕਥਿਤ ਤੌਰ ’ਤੇ ਗਾਲੀ-ਗਲੋਚ ਕਰਨ, ਬੇਇੱਜ਼ਤ ਕਰਨ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ, ਏਡੀਐੱਮ ਦਫ਼ਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਕਰਮਚਾਰੀਆਂ ਵੱਲੋਂ 6 ਅਕਤੂਬਰ ਤੋਂ 9 ਅਕਤੂਬਰ ਤੱਕ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਤ੍ਰੇਹਨ ਨੇ ਦੱਸਿਆ ਕਿ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਹੀ ਸਟਾਫ ਨਾਲ ਕਥਿਤ ਤੌਰ ’ਤੇ ਗਾਲੀ-ਗਲੋਚ ਅਤੇ ਬੇਇੱਜ਼ਤੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੜ੍ਹੇ-ਲਿਖੇ ਕਰਮਚਾਰੀਆਂ ਨੂੰ ਮਾਨਸਿਕ ਤਣਾਅ ਵਿੱਚੋਂ ਲੰਘਣਾ ਪੈ ਰਿਹਾ ਹੈ। ਯੂਨੀਅਨ ਆਗੂਆਂ ਅਨੁਸਾਰ ਡਿਪਟੀ ਕਮਿਸ਼ਨਰ ਦੇ ਕਥਿਤ ਰਵੱਈਏ ਦਾ ਵਿਰੋਧ ਕਰਨ ਵਾਲੇ ਇੱਕ ਕਰਮਚਾਰੀ ਨੂੰ ਕਥਿਤ ਤੌਰ ’ਤੇ ਬਦਲੇ ਦੀ ਭਾਵਨਾ ਨਾਲ ਬਿਨਾਂ ਕਿਸੇ ਖਾਸ ਦੋਸ਼ ਦੇ ਚਾਰਜਸ਼ੀਟ ਜਾਰੀ ਕੀਤੀ ਗਈ। ਇਸ ਤੋਂ ਇਲਾਵਾ ਰੰਜਿਸ਼ ਤਹਿਤ ਵਿਰੋਧ ਕਰਨ ਵਾਲੇ ਕਰਮਚਾਰੀਆਂ ਦੀ ਸਾਲਾਨਾ ਏਸੀਆਰ ਵਿੱਚ ਵੀ ਸਹੀ ਗਰੇਡਿੰਗ ਨਾ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਮਾਮਲੇ ਦੇ ਵਿਰੋਧ ਵਿੱਚ ਕਰਮਚਾਰੀਆਂ ਵੱਲੋਂ 6 ਅਕਤੂਬਰ ਤੋਂ 9 ਅਕਤੂਬਰ ਤੱਕ ਵੱਖ-ਵੱਖ ਪੜਾਵਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 6 ਅਕਤੂਬਰ ਨੂੰ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ, ਏਡੀਐੱਮ ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਕੰਮ ਬੰਦ ਕਰ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। 7 ਅਕਤੂਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੇ ਪੁਤਲੇ ਫੂਕੇ ਜਾਣਗੇ। 8 ਅਕਤੂਬਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਬਾਜ਼ਾਰਾਂ ਵਿੱਚ ਡੀਸੀ ਮਲੇਰਕੋਟਲਾ ਵਿਰੁੱਧ ਰੋਸ ਮਾਰਚ ਕੀਤਾ ਜਾਵੇਗਾ। ਇਸ ਤੋਂ ਬਾਅਦ 9 ਅਕਤੂਬਰ ਨੂੰ ਡੀਸੀ ਦਫ਼ਤਰ ਮਲੇਰਕੋਟਲਾ ਵਿਖੇ ਧਰਨਾ ਅਤੇ ਰੈਲੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਵਿਕਰਮ ਆਦੀਆ ਜਨਰਲ ਸਕੱਤਰ, ਬਲਕਾਰ ਸਿੰਘ, ਰਜਿੰਦਰ ਕੌਰ, ਤਰੁਣ ਚੋਪੜਾ, ਅਮਨਦੀਪ ਸਿੰਘ, ਨਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।