ਮੁਕੇਰੀਆਂ ’ਚ ਕਿਸਾਨਾਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ ਮੁਕੇਰੀਆਂ ’ਚ ਕਿਸਾਨਾਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ
Publish Date: Mon, 16 Nov 2026 04:27 PM (IST)
Updated Date: Mon, 16 Nov 2026 04:27 PM (IST)
ਅੱਜ ਤੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸੰਯੁਕਤ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਸੰਘਰਸ਼ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਗੰਨਾ ਮਿੱਲ ਪ੍ਰਬੰਧਕਾਂ ਵੱਲੋਂ ਗੰਨਾ ਉਤਪਾਦਕਾਂ ਦੀਆਂ ਸਮੱਸਿਆਵਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਜਹਾਨਪੁਰ, ਗੁਰਪ੍ਰਤਾਪ ਸਿੰਘ, ਰਿੱਕੀ ਠਾਕੁਰ, ਸਤਨਾਮ ਸਿੰਘ ਬਾਗੜੀਆਂ, ਸੋਨੂੰ ਔਲਖ, ਜਗਜੀਤ ਸਿੰਘ, ਬਲਜਿੰਦਰ ਸਿੰਘ, ਉਂਕਾਰ ਸਿੰਘ, ਵਿਜੇ ਕੁਮਾਰ ਬਹਿਬਲ ਮੰਜ, ਸੁਰਜੀਤ ਸਿੰਘ ਬਿੱਲਾ, ਅਰਜਨ ਸਿੰਘ ਕਜਲਾ, ਕਾਮਰੇਡ ਧਿਆਨ ਸਿੰਘ, ਹਰਦੇਵ ਸਿੰਘ ਚਿੱਟੀ ਅਤੇ ਸੁਖਪਾਲ ਸਿੰਘ ਡੱਫਰ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਅਤੇ ਗੰਨਾ ਮਿੱਲਾਂ ਦੀ ਅਣਦੇਖੀ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਹਿਰਾਂ ਦੀਆਂ ਰਿਪੋਰਟਾਂ ਅਨੁਸਾਰ ਗੰਨੇ ਦੀ ਉਤਪਾਦਨ ਲਾਗਤ 392 ਰੁਪਏ ਪ੍ਰਤੀ ਕੁਇੰਟਲ ਹੈ, ਜਦਕਿ ਕੇਂਦਰ ਵੱਲੋਂ ਨਿਰਧਾਰਤ ਮੁੱਲ 365 ਰੁਪਏ ਹੈ। ਖੰਡ ਦੀ ਕੀਮਤ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਕਿਸਾਨਾਂ ਨੇ ਗੰਨੇ ਦਾ ਭਾਅ 650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ। ਆਗੂਆਂ ਅਨੁਸਾਰ ਸਰਕਾਰ ਅਤੇ ਨਿੱਜੀ ਗੰਨਾ ਮਿੱਲਾਂ ਵੱਲ ਕਿਸਾਨਾਂ ਦਾ ਕਰੀਬ 63 ਕਰੋੜ ਰੁਪਏ ਬਕਾਇਆ ਹੈ, ਜਿਸ ਵਿੱਚ ਫਗਵਾੜਾ ਮਿੱਲ ਨਾਲ ਸਬੰਧਤ ਪਿਛਲੀਆਂ ਅਦਾਇਗੀਆਂ, ਸਰਕਾਰੀ ਸਬਸਿਡੀ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਰਾਸ਼ੀ ਸ਼ਾਮਲ ਹੈ। ਉਨ੍ਹਾਂ ਗੰਨੇ ਦੇ ਨਵੇਂ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ, ਮਿੱਲਾਂ ਚਾਲੂ ਕਰਨ ਦੀ ਤਰੀਕ ਐਲਾਨਣ ਅਤੇ ‘ਇੱਕ ਕਾਊਂਟਰ, ਇੱਕ ਪੇਮੈਂਟ’ ਦੀ ਨੀਤੀ ਲਾਗੂ ਕਰਨ ਦੀ ਮੰਗ ਵੀ ਉਠਾਈ। ਕਿਸਾਨ ਆਗੂਆਂ ਨੇ ਕਿਹਾ ਕਿ ਗੰਨਾ ਮਿੱਲਾਂ ਦੇ ਦੇਰੀ ਨਾਲ ਚਾਲੂ ਹੋਣ ਕਾਰਨ ਕਣਕ ਦੀ ਬਿਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਵੀ ਵਧਣਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ 17 ਨਵੰਬਰ ਤੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾਵੇਗਾ।